Share on Facebook

Main News Page

ਸੰਤਾਲ਼ੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਅੱਠਵੀਂ)
-: ਗੁਰਪ੍ਰੀਤ ਸਿੰਘ ਮੰਡਿਆਣੀ

👉 ਲੜੀ ਜੋੜਨ ਲਈ ਪੜ੍ਹੋ ਕਿਸ਼ਤ : ਪਹਿਲੀ ; ਦੂਜੀ ; ਤਿਜੀ ; ਚੌਥੀ ; ਪੰਜਵੀਂ ; ਛੇਵੀਂ ; ਸੱਤਵੀਂ

31. ਹੱਦਬੰਦੀ ਕਮਿਸ਼ਨ ਦੇ ਕੰਮ ਦਾ ਤਰੀਕਾ: ਕਮਿਸ਼ਨ ਨੇ ਹੱਦਬੰਦੀ ਕਰਨ ਦੇ ਆਮ ਲੋਕਾਂ ਅਤੇ ਸਿਆਸੀ ਧਿਰਾਂ ਦੇ ਲਾਹੌਰ ਰਹਿ ਕੇ ਵਿਚਾਰ ਸੁਣੇ। 31 ਜੁਲਾਈ 1947 ਮਗਰੋਂ ਕਮਿਸ਼ਨ ਸ਼ਿਮਲੇ ਚਲਾ ਗਿਆ। 3 ਅਗਸਤ 1947 ਨੂੰ ਜਸਟਿਸ ਮੇਹਰ ਚੰਦ ਮਹਾਜਨ ਨੇ ਆਪਣੀ ਰਿਪੋਰਟ ਪੇਸ਼ ਕੀਤੀ। 4 ਅਗਸਤ ਨੂੰ ਜਸਟਿਸ ਤੇਜਾ ਸਿੰਘ ਨੇ ਆਪਣੀ ਰਿਪੋਰਟ ਪੇਸ਼ ਕੀਤੀ। 5 ਅਗਸਤ ਨੂੰ ਜਸਟਿਸ ਦੀਨ ਮੁਹੰਮਦ ਅਤੇ 6 ਅਗਸਤ ਨੂੰ ਜਸਟਿਸ ਮੁਹੰਮਦ ਮੁਨੀਰ ਨੇ ਆਪਣੀ ਰਿਪੋਰਟ ਪੇਸ਼ ਕੀਤੀ। ਇਹ ਦੋਵੇਂ ਧਿਰਾਂ ਦੀਆਂ ਰਿਪੋਰਟਾਂ ਆਮ ਸਹਿਮਤੀ ਦੇ ਨੇੜੇ ਤੇੜੇ ਨਹੀਂ ਸਨ। ਕਮਿਸ਼ਨ ਦੀ ਆਖਰੀ ਮੀਟਿੰਗ ਸਰਵਿਸ ਕਲੱਬ ਸ਼ਿਮਲਾ ਵਿਖੇ ਹੋਈ। ਜਿਸ ਵਿਚ ਬੋਲਦਿਆਂ ਹੋਇਆਂ ਚੇਅਰਮੈਨ ਸਰ ਰੈੱਡਕਲਿਫ ਨੇ ਕਿਹਾ ਕਿ ਭਾਈ ਸਾਹਿਬ ਤੁਸੀਂ, ਹੱਦਬੰਦੀ ਤੇ ਆਪਸ ਵਿਚ ਕੋਈ ਸਹਿਮਤੀ ਨਹੀਂ ਬਣਾ ਸਕੇ ਜਿਸ ਕਰਕੇ ਮੇਰਾ ਇਹ ਫਰਜ਼ ਬਣਦਾ ਹੈ ਕਿ ਕਾਨੂੰਨ ਮੁਤਾਬਕ ਮਿਲੇ ਹੋਈ ਅਖਤਿਆਰਾਂ ਦੀ ਵਰਤੋਂ ਕਰਕੇ ਮੈਂ ਆਪਣਾ ਆਖਰੀ ਫੈਸਲਾ ਦੇਵਾਂ, ਜੋ ਕਿ ਮੈਂ ਬਾਅਦ ਵਿਚ ਦੇਵਾਂਗਾ।

32. ਹੱਦਬੰਦੀ ਕਮਿਸ਼ਨ ਦਾ ਫੈਸਲਾ: ਕਮਿਸ਼ਨ ਦੇ ਚੇਅਰਮੈਨ ਨੇ ਆਖਰੀ ਫੈਸਲੇ ਵਿਚ ਆਬਾਦੀ ਵਾਲੇ ਸਿਧਾਂਤ ਤੋਂ ਇਲਾਵਾ ਹੋਰ ਗੱਲਾਂ ਨੇ ਧਿਆਨ ਵਿਚ ਰੱਖਣ ਦੀ ਮਿਲੀ ਹਦਾਇਤ ਨੂੰ ਮੁੱਖ ਰੱਖਦਿਆਂ ਮਿਸਾਲ ਦੇ ਤੌਰ ਤੇ ਮੁਸਲਿਮ ਆਬਾਦੀ ਵਾਲੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਭਾਰਤ ਨੂੰ ਦਿੱਤਾ ਜਦਕਿ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਸ਼ੱਕਰਗੜ੍ਹ ਪਾਕਿਸਤਾਨ ਨੂੰ ਦਿੱਤੀ। ਇਸ ਨਾਲ ਹਰੀਕੇ ਅਤੇ ਹੁਸੈਨੀਵਾਲਾ ਹੈੱਡਵਰਕਸ ਹਿੰਦੁਸਤਾਨ ਨੂੰ ਮਿਲ ਸਕੇ। ਕਮਿਸ਼ਨ ਨੇ ਦਰਿਆਈ ਪਾਣੀਆਂ ਦੀ ਵੰਡ ਅਤੇ ਆਵਾਜਾਈ ਦੇ ਸਾਧਨਾਂ ਨੂੰ ਵੀ ਧਿਆਨ ਵਿਚ ਰੱਖਿਆ। ਹੱਦਬੰਦੀ ਦੇ ਕਮਿਸ਼ਨ ਦੇ ਫੈਸਲੇ ਦਾ ਐਲਾਨ ਹੋਣ ਸਾਰ ਹੀ ਪਾਕਿਸਤਾਨੀ ਧਿਰ ਨੇ ਇਸਦੀ ਤਿੱਖੀ ਨੁਕਤਾਚੀਨੀ ਕੀਤੀ ਜਿਸ ਵਿਚ ਫਿਰੋਜ਼ਪੁਰ ਅਤੇ ਗੁਰਦਾਸਪੁਰ ਮੁਸਲਮਾਨ ਬਹੁਗਿਣਤੀ ਵਾਲੇ ਜ਼ਿਲ੍ਹੇ ਹੋਣ ਦੇ ਬਾਵਜੂਦ ਵੀ ਭਾਰਤ ਨੂੰ ਦੇਣ ਦੀ ਗੱਲ ਸੀ। ਇਸੇ ਤਰ੍ਹਾਂ ਸਿੱਖਾਂ ਨੇ ਇਸ ਫੈਸਲੇ ਦੀ ਇਹ ਕਹਿਕੇ ਨੁਕਤਾਚੀਨੀ ਕੀਤੀ ਕਿ ਇਸ ਨਾਲ ਸਿੱਖਾਂ ਦੇ ਇਤਿਹਾਸਕ ਗੁਰਦੁਆਰੇ ਪਾਕਿਸਤਾਨ ਵਿਚ ਰਹਿ ਗਏ ਹਨ। ਵਾਇਸਰਾਇ ਲਾਰਡ ਮਾਊਂਟਬੈਟਨ ਇਸਦੇ ਜੁਆਬ ਵਿਚ ਕਿਹਾ ਕਿ ਫੈਸਲੇ ਨਾਲ ਦੋਵੇਂ ਧਿਰਾਂ ਦੀ ਬਰਾਬਰ ਸੰਤੁਸ਼ਟੀ ਤਾਂ ਸੰਭਵ ਨਹੀਂ ਸੀ ਪਰ ਕਿਉਂਕਿ ਦੋਵੇਂ ਧਿਰਾਂ ਬਰਾਬਰ ਦੀਆਂ ਅਸੰਤੁਸ਼ਟ ਨੇ ਇਸ ਕਰਕੇ ਮੈਨੂੰ ਇਸ ਗੱਲ ਦੀ ਤਸੱਲੀ ਹੈ ਕਿ ਕਮਿਸ਼ਨ ਦਾ ਫੈਸਲਾ ਠੀਕ ਹੈ। ਵਾਇਸਰਾਏ ਨੇ ਆਪਣੇ ਵੱਲੋਂ ਕੋਈ ਅਜਿਹੀ ਗੱਲ ਨਹੀਂ ਕੀਤੀ, ਜਿਸ ਨਾਲ ਇਹ ਗੱਲ ਜਾਪਦੀ ਕਿ ਉਸ ਵੱਲੋਂ ਕਮਿਸ਼ਨ ਤੇ ਆਪਣੇ ਰਸੂਖ ਦੀ ਵਰਤੋਂ ਕੀਤੀ ਜਾ ਰਹੀ ਹੈ।

ਪ੍ਰਸਿੱਧ ਇਹਿਤਾਸਕਾਰ ਡਾ.ਕਿਰਪਾਲ ਸਿੰਘ ਆਪਣੀ ਕਿਤਾਬ ਪੰਜਾਬ ਦਾ ਬਟਵਾਰਾ ਦੇ ਸਫ਼ਾ ਨੰ: 92 ਤੇ ਲਿਖਦੇ ਹਨ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਦਾ ਕਿ ਵਾਇਸਰਾਏ ਨੇ ਹੱਦਬੰਦੀ ਕਮਿਸ਼ਨ ਦੇ ਕਾਰਜ-ਸੰਚਾਲਨ ਵਿੱਚ ਕੋਈ ਦਖ਼ਲ ਦਿੱਤਾ ਹੋਵੇ। ਇਸ ਦੇ ਉਲਟ ਏਲਨ ਕੈਂਪਬੈਲ ਜਾਹਨਸਨ ਲਿਖਦਾ ਹੈ, ਮਾਊਂਟਬੈਟਨ ਨੇ ਸ਼ੁਰੂ ਵਿੱਚ ਹੀ ਆਪਣੇ ਅਮਲੇ ਨੂੰ ਬਹੁਤ ਹੀ ਸਪੱਸ਼ਟ ਹਦਾਇਤਾਂ ਦੇ ਦਿੱਤੀਆਂ ਸਨ ਕਿ ਉਹ ਉਸ ਸਮੇਂ ਲਈ ਰੈਡਕਲਿਫ਼ ਨਾਲ ਕਿਸੇ ਪ੍ਰਕਾਰ ਦਾ ਵੀ ਕੋਈ ਸੰਬੰਧ ਨਾ ਰੱਖਣ, ਜਦੋਂ ਤੱਕ ਕਿ ਉਹ ਹੱਦਬੰਦੀ ਦੇ ਔਕੜਪੂਰਣ ਅਤੇ ਨਾਜ਼ੁਕ ਕਾਰਜ ਵਿੱਚ ਰੁਝਿਆ ਰਹੇ ਅਤੇ ਉਹ ਆਪ ਵੀ ਉਸ ਨੂੰ ਪਹਿਲੀ ਵਾਰ-ਜੀ ਆਇਆ ਆਖਣ ਤੋਂ ਉਪਰੰਤ ਉਸ ਤੋਂ ਦੂਰ ਹੀ ਰਿਹਾ। ਇਸੇ ਪ੍ਰਕਾਰ ਬਰੈਸ਼ਰ ਲਿਖਦਾ ਹੈ, ਲੇਖਕ ਨੂੰ ਕਈ ਵਿਅਕਤੀਆਂ ਨੇ ਦੱਸਿਆ ਕਿ ਕਮਿਸ਼ਨ ਦੇ ਸਮੱੁਚੇ ਸਮੇਂ ਦੌਰਾਨ ਮਾਊਂਟਬੈਟਨ ਅਤੇ ਰੈਡਕਲਿਫ਼ ਵਿਚਕਾਰ ਕੋਈ ਪੱਤਰ-ਵਿਵਹਾਰ ਨਹੀਂ ਹੋਇਆ। ਅਕਾਲੀ ਨੇਤਾ ਮਾਸਟਰ ਤਾਰਾ ਸਿੰਘ ਅਤੇ ਗਿਆਨੀ ਕਰਤਾਰ ਸਿੰਘ ਨੇ ਲੇਖਕ ਨੂੰ ਦੱਸਿਆ ਕਿ ਸਿੱਖਾਂ ਦੇ ਹੱਕ ਵਿੱਚ ਮੇਜਰ ਸ਼ਰਟ ਦੀ ਦਲੀਲਬਾਜ਼ੀ ਕਾਰਣ ਹੀ ਹੱਦਬੰਦੀ ਫੈਸਲਾ ਭਾਰਤ ਲਈ ਲਾਹੇਵੰਦ ਰਿਹਾ। ਇਹ ਗੱਲ ਸਹੀ ਪ੍ਰਤੀਤ ਨਹੀਂ ਹੁੰਦੀ ਕਿਉਂਕਿ ਮੇਜਰ ਸ਼ਾਰਟ ਕਿਸੇੁ ਉੱਚ ਪੱਦਵੀ ਤੇ ਨਿਯੁਕਤ ਨਹੀਂ ਸੀ ਜੋ ਕਿ ਅਜਿਹੀਆਂ ਘਟਨਾਵਾਂ ਤੇ ਅੰਸਰ ਅੰਦਾਜ਼ ਹੋ ਸਕਦਾ। ਇਹ ਗ ੱ ਲ ਉਸਨੇ ਲੇਖਕ ਨਾਲ ਗੱਲਬਾਤ ਦੇ ਦੌਰਾਨ ਆਪ ਮੰਨੀ ਹੈ। ਜੁਲਾਈ 1947 ਦੇ ਤੀਜੇ ਸਪਤਾਹ ਵਿੱਚ ਉਸ ਨੂੰ ਲਾਰਡ ਮਾਊਂਟਬੈਟਨ ਦੇ ਚੀਫ਼ ਆਫ਼ ਦੀ ਸਟਾਫ਼ ਲਾਰਡ ਇਸਮੇ ਦਾ ਪੀ.ਏ ਨਿਯੁਕਤ ਕੀਤਾ ਗਿਆ ਸੀ।

33. ਵੰਡ ਦੀ ਲਕੀਰ ਦਾ ਐਲਾਨ 17 ਅਗਸਤ ਨੂੰ ਹੋਇਆ: ਇਹ ਬੜੀ ਦਿਲਚਸਪ ਗੱਲ ਹੈ ਕਿ ਪਾਕਿਸਤਾਨ 14 ਅਗਸਤ ਨੂੰ ਆਜ਼ਾਦ ਹੋਇਆ ਅਤੇ ਭਾਰਤ 15 ਅਗਸਤ ਨੂੰ ਪਰ ਪੰਜਾਬ ਦੀ ਵੰਡ ਵਾਲੀ ਲਕੀਰ 17 ਅਗਸਤ ਨੂੰ ਖਿੱਚੀ ਗਈ। ਇਸ ਬਾਰੇ ਸਿਆਸੀ ਆਗੂਆਂ ਨੂੰ ਤਾਂ ਭਾਵੇਂ 16 ਅਗਸਤ ਸ਼ਾਮ ਨੂੰ ਦਸ ਦਿੱਤਾ ਗਿਆ ਸੀ ਪਰ ਇਸਦਾ ਰਸਮੀ ਐਲਾਨ 17 ਅਗਸਤ ਨੂੰ ਕੀਤਾ ਗਿਆ। ਇਸਦੇ ਦੋ ਕਾਰਨ ਸਨ। ਪਹਿਲਾ ਇਹ ਸੀ ਕਿ ਅੰਗਰੇਜ਼ ਸਰਕਾਰ ਇਸ ਗੱਲੋਂ ਡਰਦੀ ਸੀ ਕਿ ਇਹ ਨਾ ਹੋਵੇ ਕਿ ਵੰਡਾਰਾ ਕਮਿਸ਼ਨ ਦੇ ਫੈਸਲੇ ਨੂੰ ਲੈ ਕੇ ਰੌਲਾ ਐਨਾ ਵਧ ਜਾਵੇ ਕਿ ਦੋਵਾਂ ਮੁਲਕਾਂ ਨੂੰ ਆਜ਼ਾਦੀ ਦੇਣ ਦੀ ਧਰੀ-ਧਰਾਈ ਸਕੀਮ ਵਿਚੇ ਰਹਿ ਜਾਵੇ। ਦੂਜਾ ਕਾਰਨ ਇਹ ਸੀ ਕਿ ਕਮਿਸ਼ਨ ਦੇ ਫੈਸਲੇ ਨਾਲ ਦੋਵਾਂ ਧਿਰਾਂ ਦਾ ਮਨ ਖਰਾਬ ਹੋਣਾ ਹੈ ਜਿਸ ਕਰਕੇ ਇਨ੍ਹਾਂ ਦੇ 14 ਅਤੇ 15 ਅਗਸਤ ਨੂੰ ਹੋਣ ਵਾਲੇ ਆਜ਼ਾਦੀ ਦੇ ਜਸ਼ਨਾਂ ਵਿਚ ਕਿਰਕ ਨਾ ਪਵੇ। ਸੋ ਇਵੇਂ ਹੋਇਆ ਭਾਰਤ ਦਾ ਵੰਡਾਰਾ।

ਦੇਸ਼ ਦੇ ਆਮ ਲੋਕਾਂ ਨੂੰ ਇਓਂ ਜਾਪਦਾ ਹੈ ਕਿ ਅੰਗਰੇਜ਼ ਇਥੋਂ ਜਾਣ ਮੌਕੇ ਚੁੱਪ-ਚਾਪ ਦੇਸ਼ ਦੀ ਵੰਡੀ ਕਰਕੇ ਤੁਰਦੇ ਬਣੇ।ਇਸ ਗੱਲ ਵਿਚ ਅੰਗਰੇਜ਼ਾਂ ਦਾ ਪੱਖ ਦੱਸਣ ਵਾਲੀ ਕੋਈ ਧਿਰ ਭਾਰਤ ਵਿਚ ਮੌਜੂਦ ਨਾ ਹੋਣ ਕਰਕੇ ਅੰਗਰੇਜ਼ਾਂ ਸਿਰ ਵੰਡ ਦਾ ਦੋਸ਼ ਪੱਕੇ ਪੈਰੀਂ ਹੁੰਦਾ ਗਿਆ।

1947 ਮੌਕੇ ਪੰਜਾਬ ਦੀ ਹੋਈ ਵੰਡ ਮੌਕੇ ਲੱਖਾਂ ਲੋਕਾਂ ਨੂੰ ਨਵੀਂ ਬਣੀ ਸਰਹੰਦ ਤੋਂ ਇਕ ਦੁੱਜੇ ਪਾਸੇ ਜਾਣਾ ਪਇਆ। ਮੰਨਿਆ ਜਾਦਾਂ ਹੈ ਕਿ ਮਨੁੱਖੀ ਇਤਿਹਾਸ ਦੀ ਅੱਜ ਤਕ ਦੀ ਇਹ ਸਭ ਤੋਂ ਵੱਡੀ ਹਿਜਰਤ ਸੀ।

34. ਵੰਡਾਰੇ ਦੇ ਕਤਲੇਆਮ ਦੀ ਜ਼ੁੰਮੇਵਾਰੀ ਕਿਸ ਤੇ ?: ਦੋਵੇਂ ਮੁਲਕਾਂ ਦੀ ਆਜ਼ਾਦੀ ਤੋਂ ਬਾਅਦ ਲਗਭਗ ਸਵਾ ਇੱਕ ਕਰੋੜ ਲੋਕ ਬੇਘਰ ਹੋਏ। ਸ਼੍ਰੀ ਜੀ.ਡੀ ਖੋਸਲਾ ਆਪਣੀ ਕਿਤਾਬ ਸਟਰਨ ਰੈਕਲੰਿਗ ਦੇ ਪੰਨਾ ਨੰ: 299 ਤੇ ਲਿਖਦੇ ਹਨ ਕਿ ਇਸ ਮੌਕੇ ਲਗਭਗ 5 ਲੱਖ ਲੋਕ ਕਤਲ ਹੋਏ ਜਿੰਨ੍ਹਾਂ ਵਿੱਚ ਮੁਸਲਮਾਨਾਂ ਅਤੇ ਹਿੰਦੂ-ਸਿੱਖਾਂ ਦੀ ਗਿਣਤੀ ਲਗਭਗ ਬਰਾਬਰ ਸੀ। ਮਾਈਕਲ ਐਡਵਰਜ਼ ਆਪਣੀ ਕਿਤਾਬ ਲਾਸਟ ਈਅਰਜ਼ ਆਫ਼ ਬ੍ਰਿਟਸ਼ ਇੰਡੀਆ ਦੇ ਪੰਨਾ ਨੰਬਰ 233 ਤੇ 6 ਲੱਖ ਲੋਕਾਂ ਦਾ ਕਤਲੇਆਮ ਹੋਇਆ ਲਿਖਦੇ ਹਨ। ਲੱਖਾਂ ਦੀ ਔਰਤਾਂ ਦੀ ਇੱਜ਼ਤ ਰੁੱਲੀ।ਇਸਦੀ ਜ਼ੁੰਮੇਵਾਰੀ ਅੱਜ ਤੱਕ ਤੈਅ ਨਹੀਂ ਹੋਈ। ਇਸਨੂੰ ਸਿਰਫ਼ ਦੰਗਾਈਆਂ ਜ਼ੁੰਮੇ ਮੜ੍ਹ ਕੇ ਗੱਲ ਮੁਕਾ ਦਿੱਤੀ ਜਾਂਦੀ ਹੈ। 11 ਮਈ 1947 ਨੂੰ ਵਾਇਸਰਾਏ ਲਾਰਡ ਮਾਊਂਟਬੈਟਨ ਵੱਲੋਂ ਸੱਦੀ ਗਈ ਮੀਟਿੰਗ ਵਿੱਚ ਲਾਰਡ ਨੇ ਪੰਜਾਬ ਦੇ ਗਵਰਨਰ ਜੈਨਕਿਨਜ਼ ਤੋਂ ਪੁੱਛਿਆ ਕੀ ਇਹ ਵਿਚਾਰਿਆ ਜਾ ਸਕਦਾ ਹੈ ਕਿ ਕਿਸੇ ਵੱਡੇ ਪੱਧਰ ਤੇ ਆਬਾਦੀ ਦੇ ਤਬਾਦਲੇ ਦੇ ਪ੍ਰਬੰਧ ਦੀ ਆਸ ਕੀਤੀ ਜਾਏ? ਜੈਨਕਿਨਜ਼ ਨੇ ਉੱਤਰ ਦਿੱਤਾ, ਉਸ ਦਾ ਵਿਚਾਰ ਹੈ ਨਹੀਂ। ਉੱਥੇ ਹਾਜ਼ਰ ਪੰਡਿਤ ਨਹਿਰੂ ਚੁੱਪ ਰਹੇ।

ਜਦੋਂ ਗਿਆਨੀ ਕਰਤਾਰ ਸਿੰਘ ਨੂੰ ਲਾਰਡ ਮਾਊਂਟਬੈਟਨ ਨੂੰ ਆਬਾਦੀ ਦੇ ਤਬਾਦਲੇ ਦੀ ਮੰਗ ਨੂੰ ਚਿੱਠੀ ਦੇ ਰੂਪ ਵਿੱਚ ਲਿਖ ਕੇ ਦਿੱਤਾ ਤਾਂ ਉਸਨੇ ਉਹ ਚਿੱਠੀ ਪੰਡਿਤ ਨਹਿਰੂ ਅਤੇ ਮਿਸਟਰ ਜਿਨਾਹ ਨੂੰ ਭੇਜ ਦਿੱਤੀ। ਮਿਸਟਰ ਜਿਨਾਹ ਨੇ ਕੋਈ ਉੱਤਰ ਨਾ ਦਿੱਤਾ, ਪਰ ਪੰਡਿਤ ਨਹਿਰੂ ਨੇ ਬੜਾ ਟਾਲੂ ਜਿਹਾ ਉੱਤਰ ਦਿੰਦਿਆ 7 ਜੁਲਾਈ 1947 ਨੂੰ ਲਿਿਖਆ, ਆਬਾਦੀ ਦੇ ਤਬਾਦਲੇ ਦਾ ਮਸਲਾ ਤੁਰੰਤ ਵਾਲਾ ਨਹੀਂ। ਕਿਉਂਕਿ ਸਰਕਾਰ ਵੰਡਾਰੇ ਦੇ ਮਾਮਲੇ ਚ ਦੋ ਪ੍ਰਮੁੱਖ ਧਿਰਾਂ ਕਾਂਗਰਸ ਅਤੇ ਮੁਸਲਿਮ ਲੀਗ ਤੋਂ ਹੀ ਪੁੱਛ ਕੇ ਗੱਲ ਕਰਦੀ ਸੀ। ਜਦੋਂ ਕਿ ਦੋਵੇਂ ਧਿਰਾਂ ਆਬਾਦੀ ਦੇ ਤਬਾਦਲੇ ਤੋਂ ਪੈਦਾ ਹੋਣਾ ਵਾਲੀਆਂ ਸੱਮਸਿਆਵਾਂ ਨੂੰ ਕੋਈ ਤਵੱਜੋ ਨਹੀਂ ਸਨ ਦਿੰਦੀਆਂ। ਇੱਥੇ ਜ਼ਿਕਰਯੋਗ ਹੈ ਕਿ ਜਿਹੜੇ ਕਤਲੇਆਮ ਹੋਏ ਉਹ ਸਾਰੇ ਪਾਕਿਸਤਾਨ ਅਤੇ ਹਿੰਦੁਸਤਾਨ ਦੇ ਆਜ਼ਾਦ ਅਤੇ ਖੁਦਮੁਖਤਿਆਰ ਸਰਕਾਰਾਂ ਦੇ ਦੌਰ ਚ ਹੋਏ। 15 ਅਗਸਤ 1947 ਤੋਂ ਪਹਿਲਾਂ ਕਿਸੇ ਰੌਲੇ ਰੱਪੇ ਨੂੰ ਕਾਬੂ ਕਰਨ ਖ਼ਾਤਿਰ ਫੌਜ ਨੂੰ ਬਕਾਇਦਾ ਤਿਆਰ ਰੱਖਿਆ ਹੋਇਆ ਸੀ। ਵਾਇਸਰਾਏ ਨੇ ਫੌਜਾਂ ਦੇ ਕਮਾਂਡਰ ਇਨ ਚੀਫ਼ ਨੂੰ ਇਹ ਤਿਆਰੀ ਕਰਨ ਲਈ 10 ਜੁਲਾਈ 1947 ਨੂੰ ਲਿਿਖਆ। ਚੀਫ਼ ਕਮਾਂਡਰ ਨੇ ਇਸ ਤੇ ਅਮਲ ਕਰਦਿਆ ਹੇਠਲੇ ਕਮਾਂਡਰਾਂ ਨੂੰ ਬਕਾਇਦਾ ਨਿਯੁਕਤੀਆਂ ਕਰਕੇ ਉਨ੍ਹਾਂ ਦੇ ਖੇਤਰ ਵੀ ਵੰਡ ਦਿੱਤੇ ਅਤੇ ਇਹ ਵੀ ਕਿਹਾ ਗਿਆ ਕਿ ਉਹ ਵੱਧ ਤੋਂ ਵੱਧ 8 ਅਗਸਤ ਤੱਕ ਇੰਨ੍ਹਾਂ ਖੇਤਰਾਂ ਵਿੱਚ ਆਪਣੀਆਂ ਫੌਜਾਂ ਤਾਇਨਾਤ ਕਰ ਦੇਣ। ਲਾਹੌਰ, ਅੰਮ੍ਰਿਤਸਰ, ਜਲੰਧਰ ਅਤੇ ਮੁਲਤਾਨ ਵਿੱਚ ਟੈਂਕਾਂ ਅਤੇ ਤੋਪਖਾਨਿਆਂ ਵਾਲੀਆਂ ਭਾਰੀਆਂ ਫੌਜਾਂ ਰੱਖੀਆਂ ਗਈਆਂ। ਫਿਰੋਜ਼ਪੁਰ, ਲੈਲਪੁਰ ਅਤੇ ਹੋਰ ਅਹਿਮ ਸ਼ਹਿਰਾਂ ਵਿੱਚ ਫੌਜਾਂ ਨੂੰ ਤਿਆਰ-ਬਰ-ਤਿਆਰ ਰੱਖਿਆ ਗਿਆ। ਇੰਨ੍ਹਾਂ ਵਿੱਚ ਤੋਪ ਖਾਨੇ ਦੀਆਂ 6 ਰੈਜਮੈਂਟਾਂ, ਇਨਫੈਨਟਰੀ ਦੀਆਂ 27 ਬਟਾਲੀਅਨ ਤੋਂ ਇਲਾਵਾ ਇੰਜਨੀਅਰਿੰਗ ਸਿਗਨਲ, ਮੈਡੀਕਲ, ਟ੍ਰਾਂਸਪੋਰਟ ਅਤੇ ਸਪਲਾਈ ਯੂਨਿਟਾਂ ਸ਼ਾਮਲ ਸਨ। ਗਵਰਨਰ ਪੰਜਾਬ ਨੇ ਅਮਨ ਕਾਇਮ ਰੱਖਣ ਖ਼ਾਤਰ ਇੱਕ ਸੁਰੱਖਿਆ ਕੌਂਸਲ ਕਾਇਮ ਕੀਤੀ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਤਿੰਨੋਂ ਪਾਰਟੀਆਂ ਦੇ ਪ੍ਰਧਾਨ ਨਵਾਬ ਇਫ਼ਤਿਖਾਰ ਹੁਸੈਨ ਮਮਦੋਟ ਮੁਸਲਿਮ ਲੀਗ ਵੱਲੋਂ, ਕਾਂਗਰਸ ਪਾਰਟੀ ਦੇ ਸ਼੍ਰੀ ਭੀਮ ਸੈਨ ਸੱਚਰ ਅਤੇ ਅਕਾਲੀ ਵਿਧਾਇਕ ਦਲ ਦੇ ਨੇਤਾ ਸ. ਸਵਰਨ ਸਿੰਘ ਸ਼ਾਮਲ ਸਨ। ਇਸ ਕੌਂਸਲ ਨੇ ਰੋਜ਼ਾਨਾ ਮੀਟਿੰਗ ਕਰਕੇ ਅਮਨ-ਕਾਨੂੰਨ ਦੀ ਹਾਲਾਤ ਤੇ ਗੌਰ ਕਰਨਾ ਸੀ। ਪਰ 15 ਅਗਸਤ ਤੋਂ ਬਾਅਦ ਇਹ ਕੌਂਸਲ ਕੰਮ ਨਾ ਕਰ ਸਕੀ।

ਇਸੇ ਕਰਕੇ 15 ਅਗਸਤ ਤੋਂ ਪਹਿਲਾ ਪੰਜਾਬ ਵਿੱਚ ਸ਼ਾਂਤੀ ਰਹੀ। ਮਾਰ-ਕਾਟ ਦੇ ਸ਼ੁਰੂ ਹੋਣ ਮੌਕੇ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਨੇ ਦੰਗਾਈਆਂ ਨੂੰ ਕੁਝ ਨਹੀਂ ਕਿਹਾ, ਜਿਸ ਕਰਕੇ ਜਣਾ-ਖਣਾ ਬਦਮਾਸ਼ ਉੱਠ ਕੇ ਲੁੱਟਮਾਰ ਅਤੇ ਕਤਲੇਆਮ ਦੇ ਰਾਹ ਪੈ ਗਿਆ। ਜਿਸ ਕਰਕੇ ਪਾਕਿਸਤਾਨ ਵਿਚਲੇ ਹਿੰਦੂ-ਸਿੱਖ ਆਪਣੀ ਜਾਨ ਅਤੇ ਇੱਜ਼ਤ ਬਚਾਉਣ ਖਾਤਰ ਭਾਰਤੀ ਖੇਤਰ ਵੱਲ ਨੂੰ ਭੱਜ ਪਏ, ਇਸੇ ਤਰ੍ਹਾਂ ਭਾਰਤੀ ਪੰਜਾਬ ਵਿਚਲੇ ਮੁਸਲਮਾਨ ਪਾਕਿਸਤਾਨ ਵੱਲ ਨੂੰ ਭੱਜਣ ਲੱਗੇ। ਦੰਗਾਈਆਂ ਨੂੰ ਸਰਕਾਰੀ ਹੱਲ੍ਹਾਸ਼ੇਰੀ ਤੇ ਹੋਰ ਬਹੁਤ ਸਾਰੇ ਸਬੂਤਾਂ ਤੋਂ ਇਲਾਵਾ ਇੱਕ ਹੋਰ ਸਬੂਤ ਇਹ ਹੈ ਕਿ ਪੂਰਬੀ ਪੰਜਾਬ ਵਿੱਚ ਦੋ ਮੁਸਲਮਾਨ ਰਿਆਸਤਾਂ ਮਲੇਰਕੋਟਲਾ ਅਤੇ ਪਟੌਦੀ (ਹੁਣ ਜ਼ਿਲ੍ਹਾ ਫਰੀਦਾਬਾਦ) ਸਨ। ਉਸ ਵੇਲੇ ਇਹ ਭਾਰਤ ਦੀ ਸਰਕਾਰ ਤੋਂ ਬਾਹਰਲੇ ਇੱਕ ਛੋਟੇ ਮੁਲਕ ਸਨ। ਚੁਫ਼ੇਰਿਓਂ ਪੰਜਾਬ ਚ ਘਿਰੇ ਹੋਣ ਦੇ ਬਾਵਜੂਦ ਵੀ ਇੱਥੇ ਕੋਈ ਦੰਗਾ ਜਾਂ ਕਤਲੇਆਮ ਨਹੀਂ ਹੋਇਆ, ਬਲਕਿ ਪੰਜਾਬ ਦੇ ਮੁਸਲਮਾਨਾਂ ਨੇ ਇੱਥੇ ਜਾ ਕੇ ਪਨਾਹ ਲਈ। ਸੋ ਇਸ ਗੱਲ ਦਾ ਦੋਸ਼ ਅੰਗਰੇਜ਼ਾਂ ਤੇ ਦੇਣਾ ਗ਼ਲਤ ਹੈ ਕਿ ਉਹ ਦੰਗਿਆਂ ਦਾ ਪਹਿਲਾਂ ਕੋਈ ਇੰਤਜਾਮ ਕਿਉਂ ਨਹੀਂ ਕਰਕੇ ਗਏ। ਇਸਦੀ ਜ਼ੁੰਮੇਵਾਰੀ ਕਾਂਗਰਸ ਅਤੇ ਮੁਸਲਿਮ ਲੀਗ ਦੀ ਲੀਡਰਸ਼ਿਪ ਤੇ ਆਉੇਂਦੀ ਹੈ। ਮਦਰਾਸ ਤੋਂ ਛਪਦੇ ਦਾ ਹਿੰਦੂ ਅਖ਼ਬਾਰ ਨੂੰ 4 ਸਤੰਬਰ 1947 ਨੂੰ ਛਪੀ ਇੱਕ ਖਬਰ ਵਿੱਚ ਇਸ ਗੱਲ ਦੀ ਵਜਾਹਤ ਹੁੰਦੀ ਹੈ। ਅਖਬਾਰ ਲਿਖਦਾ ਹੈ ਕਿ, ਜ਼ਿਲ੍ਹਾ ਸ਼ੇਖੂਪੁਰਾ ਦੀ ਇਕ ਅਨਪੜ੍ਹ ਸਿੱਖ ਔਰਤ ਨੇ ਸੜਕ ਤੇ ਪੈਦਲ ਚਲ ਰਹੇ ਕਾਫ਼ਲੇ ਨੂੰ ਵੇਖ ਰਹੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਇਹ ਸ਼ਬਦ ਬਿਲਕੁਲ ਠੀਕ ਆਖੇ ਸਨ, ਜੇ ਤੁਸੀਂ ਦੇਸ਼ ਦਾ ਬਟਵਾਰਾ ਕਰਨਾ ਚਾਹੁੰਦੇ ਸੀ ਤਾਂ ਤੁਸੀਂ ਪਹਿਲਾਂ ਆਬਾਦੀ ਦੇ ਤਬਾਦਲੇ ਦਾ ਪ੍ਰਬੰਧ ਕਿਉਂ ਨਾ ਕੀਤਾ? ਦੇਖੋ, ਸਾਡੇ ਸਾਰਿਆਂ ਤੇ ਕਿੰਨੀ ਮੁਸੀਬਤ ਆ ਪਈ ਹੈ।

ਚਲਦਾ...


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top