Share on Facebook

Main News Page

ਸੰਤਾਲ਼ੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਦੂਜੀ)
-: ਗੁਰਪ੍ਰੀਤ ਸਿੰਘ ਮੰਡਿਆਣੀ

👉 ਲੜੀ ਜੋੜਨ ਲਈ ਪੜ੍ਹੋ ਕਿਸ਼ਤ : ਪਹਿਲੀ ;

1. ਅੰਗਰੇਜ਼ਾਂ ਨੇ ਭਾਰਤ ਨੂੰ ਤੋੜਿਆ ਜਾਂ ਜੋੜਿਆ?: ਅੰਗਰੇਜ਼ਾਂ ਵਲੋਂ ਭਾਰਤ ਨੂੰ ਛੱਡਣ ਮੌਕੇ ਭਾਰਤ ਵਿਚ 562 ਰਿਆਸਤਾਂ ਮੌਜੂਦ ਸਨ ਭਾਵ ਕਿ ਹਿੰਦੁਸਤਾਨ ਵਿਚ 562 ਮੁਲਕ ਹੋਰ ਮੌਜੂਦ ਸਨ। ਅੰਗਰੇਜ਼ਾਂ ਦੇ ਆਉਣ ਤੋਂ ਪਹਿਲਾਂ ਇਨ੍ਹਾਂ ਦੀ ਗਿਣਤੀ ਹੋਰ ਵੀ ਵਧ ਸੀ। ਬਹੁਤ ਸਾਰੀਆਂ ਰਿਆਸਤਾਂ ਨੂੰ ਅੰਗਰੇਜ਼ਾਂ ਨੇ ਜਿੱਤ ਕੇ ਸਿੱਧੇ ਤੌਰ ਤੇ ਆਪਣੇ ਰਾਜ ਵਿਚ ਮਿਲਾ ਲਿਆ, ਬਾਕੀਆਂ ਨਾਲ ਸਮਝੌਤੇ ਕਰਕੇ ਉਨ੍ਹਾਂ ਨੂੰ ਆਪਣੀ ਅਧੀਨਗੀ ਹੇਠ ਲਿਆਂਦਾ। ਰਿਆਸਤਾਂ ‘ਤੇ ਵੱਡੀ ਸ਼ਰਤ ਇਹ ਸੀ ਕਿ ਉਹ ਆਪਣੀ ਕੋਈ ਬਹੁਤੀ ਫੌਜ ਨਹੀਂ ਸੀ ਰੱਖ ਸਕਦੇ। ਆਜ਼ਾਦ ਹਿੰਦੁਸਤਾਨ ਵਿਚ ਸਰਦਾਰ ਪਟੇਲ ਇਕੋ ਘੁਰਕੀ ਨਾਲ ਉਨ੍ਹਾਂ  ਵਲੋਂ ਹਿੰਦੁਸਤਾਨ ਨਾਲ ਰਲੇਵੇਂ ਦੀ ਸਹਿਮਤੀ ਪਿਛੇ ਵੱਡਾ ਕਾਰਨ ਰਿਆਸਤਾਂ ਕੋਲ ਲੋੜੀਂਦੀ ਫੌਜ ਦੀ ਅਣਹੋਂਦ ਸੀ। ਬਾਕੀ ਜਿਹੜਾ ਖਿੱਤਾ ਹੁਣ ਪਾਕਿਸਤਾਨ ਜਾਂ ਬੰਗਲਾ ਦੇਸ਼ ਕੋਲ ਹੈ ਉਹ ਦਿੱਲੀ ਦੀਆਂ ਬਾਦਸ਼ਾਹੀਆਂ ਦੇ ਤਹਿਤ ਕਦੇ ਵੀ ਨਹੀਂ ਰਿਹਾ। ਜਦੋਂ ਕਿਸੇ ਗੱਲ ਦਾ ਤੱਤ ਕੁੱਲ ਮਿਲਾ ਕੇ ਕੱਢਿਆ ਜਾਂਦਾ ਹੈ ਤਾਂ ਉਸਦੇ ਵਾਧੂ ਜਾਂ ਘਾਟੂ ਤੱਥਾਂ ਦਾ ਜੋੜ ਕਰਕੇ ਕੱਢਿਆ ਜਾਂਦਾ ਹੈ। ਇਸੇ ਤਰ੍ਹਾਂ ਅੰਗਰੇਜ਼ਾਂ ਵਲੋਂ ਹਿੰਦੁਸਤਾਨ ਦੇ ਦੋ ਟੋਟੇ ਕਰਨ ਨੂੰ ਜੇ ਘਾਟੂ ਤੱਥ ਵੀ ਮੰਨ ਲਈਏ ਤਾਂ ਸੈਂਕੜੇ ਮੁਲਕਾਂ (ਰਿਆਸਤਾਂ) ਨੂੰ ਜੋੜ ਕੇ ਇਕ ਤਾਕਤਵਰ ਮੁਲਕ ਦੀ ਕਾਇਮੀ ਨੂੰ ਵਾਧੂ ਤੱਥ ਜ਼ਰੂਰ ਮੰਨਣਾ ਪਊਗਾ। ਇਨ੍ਹਾਂ ਦੋਵਾਂ ਦਾ ਜੋੜ ਲਾ ਕੇ ਮੁਲਕ ਦੇ ਦੋ ਟੁਕੜੇ ਵਾਲੇ ਘਾਟੂ ਤੱਥ ਦਾ ਕੱਦ ਬਹੁਤ ਛੋਟਾ ਰਹਿ ਜਾਂਦਾ ਹੈ। ਉਹ ਕੁੱਲ ਮਿਲਾ ਕੇ ਵਾਲੇ ਫਾਰਮੂਲੇ ਮੁਤਾਬਕ ਅੰਗਰੇਜ਼ਾਂ ਨੇ ਭਾਰਤ ਨੂੰ ਤੋੜਿਆ ਨਹੀਂ ਬਲਕਿ ਜੋੜਿਆ ਹੈ।

2. ਕੀ ਅੰਗਰੇਜ਼ਾਂ ‘ਤੇ ਪਾੜੋ ਅਤੇ ਰਾਜ ਕਰੋ ਦੀ ਨੀਤੀ ਦਾ ਦੋਸ਼ ਸਹੀ ਹੈ? : ਅੰਗਰੇਜ਼ਾਂ ‘ਤੇ ਪਾੜੋ ਅਤੇ ਰਾਜ ਕਰੋ ਦੀ ਨੀਤੀ ਦਾ ਦੋਸ਼ ਅਕਸਰ ਲਾਇਆ ਜਾਂਦਾ ਹੈ। ਇਕ ਕਹਾਣੀ ਇਹ ਵੀ ਪ੍ਰਚਲਿਤ ਹੈ ਕਿ ਯੂਨੀਵਰਸਿਟੀ ਦੇ ਇਕ ਪੇਪਰ ਵਿਚ ਇਕ ਸਵਾਲ ਆਇਆ ਕਿ ਅੰਗਰੇਜ਼ਾਂ ਦੀ ਰਾਜ ਕਰਨ ਦੀ ਨੀਤੀ ਕੀ ਹੈ? ਤਾਂ ‘ਪ੍ਰਸਿੱਧ ਦੇਸ਼ ਭਗਤ’ ਲਾਲਾ ਹਰਦਿਆਲ ਨੇ ਸਿਰਫ ਇਸਦਾ ਉੱਤਰ ਦੋ ਸ਼ਬਦਾਂ ਵਿਚ ਇਓਂ ਦਿੱਤਾ ‘ਡਿਵਾਇਡ ਐਂਡ ਰੂਲ’ (ਪਾੜੋ ਅਤੇ ਰਾਜ ਕਰੋ)। ਹਾਲਾਂਕਿ ਇਹ ਕਹਾਣੀ ਵੱਲ ਕਦੇ ਕੋਈ ਹਵਾਲਾ ਨਹੀਂ ਦਿੱਤਾ ਜਾਂਦਾ ਕਿ ਇਹ ਗੱਲ ਕਦੋਂ ਅਤੇ ਕਿੱਥੇ ਹੋਈ ਜਾਂ ਇਹ ਬਕਾਇਦਾ ਕਿਹੜੀ ਕਿਤਾਬ ਵਿਚ ਲਿਖੀ ਲੱਭਦੀ ਹੈ। ਬਸ ਗਪੌੜ ਸੰਖ ਵਾਂਗੂੰ ਅੰਗਰੇਜ਼ਾਂ ਦੀ ਨਿੰਦਿਆ ਕਰਨ ਖਾਤਰ ਸੁਣਾਈ ਜਾਂਦੇ ਹਨ। ਪਾੜੋ ਤੇ ਰਾਜ ਕਰੋ ਵਾਲੀ ਨੀਤੀ ਦੇ ਹੱਕ ਵਿਚ ਅੱਜ ਤਕ ਸਿਰਫ ਦੋ ਦਲੀਲਾਂ ਸਾਹਮਣੇ ਆਉਂਦੀਆਂ ਹਨ। ਪਹਿਲੀ ਇਹ ਅੰਗਰੇਜ਼ਾਂ ਦੇ ਰਾਜ ਵਿਚ ਰੇਲਵੇ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ ਦੇ ਹਿੰਦੂਆਂ ਅਤੇ ਮੁਸਲਮਾਨਾਂ ਦੇ ਅੱਡੋ ਅੱਡ ਘੜੇ ਰੱਖੇ ਹੁੰਦੇ ਸਨ, ਇਹਦੀ ਆੜ ਵਿਚ ਇਹ ਦੋਸ਼ ਲਾਇਆ ਜਾਂਦਾ ਹੈ ਕਿ ਇਹ ਹਿੰਦੁਸਤਾਨੀਆਂ ਨੂੰ ਪਾੜਣ ਵਾਲੀ ਗੱਲ ਸੀ। ਪਰ ਅਸਲੀਅਤ ਇਹ ਹੈ ਕਿ ਹਿੰਦੂ, ਮੁਸਲਮਾਨਾਂ ਨਾਲ ਖਾਣ-ਪੀਣ ਵੇਲੇ ਭਾਂਡੇ ਸਾਂਝੇ ਨਹੀਂ ਕਰਨਾ ਚਾਹੁੰਦੇ ਸਨ। ਹਿੰਦੂਆਂ ਦੀ ਮੰਗ ਸੀ ਕਿ ਉਨ੍ਹਾਂ ਦੇ ਘੜੇ ਵੱਖਰੇ ਰੱਖੇ ਜਾਣ। ਜੇ ਸਰਕਾਰ ਨੇ ਹਿੰਦੂਆਂ ਦੇ ਅਕੀਦੇ ਦਾ ਧਿਆਨ ਰੱਖਦਿਆਂ ਘੜੇ ਵੱਖਰੇ ਰੱਖ ਦਿੱਤੇ ਤਾਂ ਇਹਦੇ ਵਿਚ ਭਲਾ ਅੰਗਰੇਜ਼ਾਂ ਦਾ ਕੀ ਦੋਸ਼? ਇਹ ਵੀ ਗੱਲ ਕਿਤੇ ਸਾਹਮਣੇ ਨਹੀਂ ਆਈ ਕਿ ਹਿੰਦੂਆਂ ਨੇ ਕਿਹਾ ਹੋਵੇ ਕਿ ਅਸੀਂ ਤਾਂ ਇਕੋ ਘੜੇ ਵਿਚ ਪਾਣੀ ਪੀਣਾ ਚਾਹੁੰਦੇ ਹਾਂ ਤੇ ਸਰਕਾਰ ਸਾਨੂੰ ਰੋਕਦੀ ਹੈ। ਇਥੋਂ ਤਕ ਕਿ ਉਦੋਂ ਕਾਂਗਰਸ ਪਾਰਟੀ ਦੇ ਸਾਰੇ ਜ਼ਿਲ੍ਹਾ ਪੱਧਰੀ ਦਫਤਰਾਂ ਤਕ ਵੀ ਹਿੰਦੂਆਂ ਤੇ ਮੁਸਲਮਾਨਾਂ ਲਈ ਵੱਖੋ-ਵੱਖਰੇ ਘੜੇ ਰੱਖੇ ਹੁੰਦੇ ਸਨ।

ਪਾੜੋ ਤੇ ਰਾਜ ਕਰੋ ਵਾਲੀ ਨੀਤੀ ਦੇ ਹੱਕ ਵਿਚ ਦੂਜਾ ਦੋਸ਼ ਇਹ ਲਾਇਆ ਜਾਂਦਾ ਹੈ ਕਿ ਅੰਗਰੇਜ਼ ਮੁਸਲਮਾਨਾਂ ਨੂੰ ਹਿੰਦੂਆਂ ਨਾਲ ਵੱਖਰੇ ਹੋਣ ਲਈ ਉਕਸਾਉਂਦੇ ਹਨ। ਚੋਣਾਂ ਵਿਚ ਮੁਸਲਮਾਨਾਂ ਨੂੰ ਵੱਖਰੀ ਨੂੰਮਾਇੰਦਗੀ ਦੇਣ ਲਈ ਅੰਗਰੇਜ਼ਾਂ ‘ਤੇ ਇਹ ਦੋਸ਼ ਮੜ੍ਹਿਆ ਜਾਂਦਾ ਹੈ ਕਿ ਇਸ ਤਰਾਂ ਮੁਸਲਮਾਨਾਂ ਨਾਲ ਵੱਖਰੇ ਹੋਣ ਦਾ ਉਤਸ਼ਾਹ ਮਿਿਲਆ। ਹਾਲਾਂਕਿ ਮੁਸਲਮਾਨਾਂ ਵਲੋਂ ਇਹ ਮੰਗ ਬੜੀ ਚਿਰ ਤੋਂ ਕੀਤੀ ਜਾ ਰਹੀ ਸੀ ਕਿ ਸਾਂਝੇ ਚੋਣ ਖੇਤਰਾਂ ਵਿਚ ਮੁਸਲਮਾਨ ਆਪਣੀਆਂ ਵੋਟਾਂ ਦੇ ਲਿਹਾਜ ਨਾਲ ਸੀਟਾਂ ਨਹੀਂ ਜਿੱਤ ਸਕਦੇ। ਇਹ ਮੰਗ 1928 ਵਿਚ ਮੰਨੀ ਗਈ। ਜਿਸ ਵਿਚ ਵੋਟਾਂ ਦੇ ਲਿਹਾਜ ਨਾਲ ਮੁਸਲਮਾਨ ਸੀਟਾਂ ਦੀ ਗਿਣਤੀ ਮੁਕੱਰਰ ਕਰ ਦਿੱਤੀ ਗਈ। ਮੁਸਲਮਾਨ ਚੋਣ ਖੇਤਰ ਵਿਚ ਸਿਰਫ ਮੁਸਲਮਾਨ ਹੀ ਚੋਣ ਲੜ ਸਕਦਾ ਸੀ ਤੇ ਮੁਸਲਮਾਨ ਹੀ ਵੋਟ ਪਾ ਸਕਦਾ ਸੀ। ਇਸ ਤਰ੍ਹਾਂ ਦਾ ਹੱਕ ਨਾਲੋਂ ਨਾਲ ਸਿੱਖਾਂ ਅਤੇ ਦਲਿਤਾਂ ਨੂੰ ਵੀ ਮਿਿਲਆ। ਇਸ ਨਾਲ ਇਹ ਸੰਭਵ ਵੀ ਨਹੀਂ ਸੀ ਕਿ ਮੁਸਲਮਾਨਾਂ ਦੀ ਕੋਈ ਨੂੰਮਾਇੰਦਾ ਪਾਰਟੀ ਮੁਸਲਮਾਨ ਵੋਟਾਂ ਦੀ ਅਨੁਪਾਤ ਨਾਲ ਵੱਧ ਸੀਟਾਂ ਜਿੱਤ ਸਕਦੀ। ਇਸ ਦਾ ਸਿੱਧਾ ਮਤਲਬ ਇਹ ਹੋਇਆ ਕਿ ਗੱਲ ਇਹ ਨਹੀਂ ਸੀ ਕਿ ਇਸ ਨਾਲ ਮੁਸਲਮਾਨਾਂ ਵਿਚ ਵੱਖਰੇਵੇਂ ਦੀ ਸਪਿਰਟ ਪੈਦਾ ਹੁੰਦੀ ਹੈ ਬਲਕਿ ਤਕਲੀਫ ਇਹ ਸੀ ਕਿ ਇਕ ਤਾਂ ਮੁਸਲਮਾਨ ਆਪਣੀ ਵੋਟਾਂ ਦੇ ਅਨੁਪਾਤ ਨਾਲੋਂ ਘੱਟ ਸੀਟਾਂ ਨਹੀਂ ਸਨ ਲਿਜਾ ਸਕਦੇ ਤੇ ਦੂਜਾ ਸਿਰਫ ਮੁਸਲਮਾਨਾਂ ਦੀਆਂ ਵੋਟਾਂ ਨਾਲ ਜਿੱਤੇ ਬੰਦੇ ਨੇ ਮੁਸਲਮਾਨਾਂ ਦੀ ਸੋਚ ਦੀ ਨੁਮਾਇੰਦਗੀ ਕਰਨੀ ਸੀ। ਜਿਸ ਕਰਕੇ ਕਾਂਗਰਸ ਇਸ ਵਿਚ ਕੁਝ ਵੀ ਗਲਤ ਨਹੀਂ ਜਾਪਦਾ ਕਿਉਂਕਿ ਆਜ਼ਾਦ ਭਾਰਤ ਵਿਚ ਵੀ ਦਲਿਤਾਂ ਅਤੇ ਕਬੀਲਿਆਂ ਨੂੰ ਇਸੇ ਹਿਸਾਬ ਨਾਲ ਰਾਖਵਾਂਕਰਨ ਦਿੱਤੀ ਹੋਈ ਹੈ। ਕਿਉਂਕਿ ਉਸ ਵੇਲੇ ਸਿੱਖਾਂ ਦੀ ਨੂੰਮਾਇੰਦਾ ਜਮਾਤ ਅਕਾਲੀ ਦਲ, ਕਾਂਗਰਸ ਨਾਲ ਮਿਲ ਕੇ ਚਲਦੀ ਸੀ, ਇਸ ਲਈ ਸਿੱਖਾਂ ਲਈ ਸੀਟਾਂ ਰਾਖਵੀਂ ਕਰਨ ਦੇ ਦੋਸ਼ ਨੂੰ ਪਾੜੋ ਰਾਜ ਕਰੋ ਵਾਲੀ ਦਲੀਲ ਦੇ ਹੱਕ ਵਿਚ ਨਹੀਂ ਭੁਗਤਾਇਆ ਤੇ ਨਾ ਹੀ ਦਲਿਤਾਂ ਵਾਲੀ ਰਾਖਵਾਂਕਰਨ ਅੰਗਰੇਜ਼ਾਂ ਨੂੰ। ਅੰਗਰੇਜ਼ਾਂ ਨੇ ਮੁਲਕ ਵਾਸੀਆਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਵੋਟਾਂ ਰਾਹੀਂ ਖੁਦ ਸਰਕਾਰਾਂ ਚੁਣਨ ਵਾਲੇ ਕਾਨੂੰਨ ਬਣਾਏ। ਜਿਨ੍ਹਾਂ ਰਾਹੀਂ ਹਿੰਦੁਸਤਾਨੀ ਐਮ.ਐਲ.ਏ. ਮੰਤਰੀ, ਮੁੱਖ ਮੰਤਰੀ, ਐਮ.ਪੀ. ਅਤੇ ਕੇਂਦਰੀ ਵਜ਼ੀਰ ਬਣੇ। ਆਈ.ਏ.ਐਸ. ਅਤੇ ਹਾਈਕੋਰਟਾਂ ਦੇ ਜੱਜ ਵੀ ਬਣੇ। ਜੇ ਅੰਗਰੇਜ਼ਾਂ ਨੇ ਇਕ ਅਜਿਹਾ ਕਾਨੂੰਨ ਬਣਾ ਦਿੱਤਾ ਜਿਸ ਨਾਲ ਮੁਸਲਮਾਨਾਂ ਨੂੰ ਵਿਧਾਨ ਸਭਾ ਵਿਚ ਸਹੀ ਨੂੰਮਾਇੰਦਗੀ ਮਿਲਦੀ ਹੋਵੇ ਤਾਂ ਇਹ ਪਾੜੋ ਅਤੇ ਰਾਜ ਕਰੋ ਵਾਲੀ ਨੀਤੀ ਦੇ ਹੱਕ ਵਿਚ ਕੋਈ ਠੋਸ ਦਲੀਲ ਨਹੀਂ ਮੰਨੀ ਜਾ ਸਕਦੀ। ਇਸੇ ਤਰ੍ਹਾਂ ਵੱਖਰੇ ਘੜਿਆਂ ਵਾਲੀ ਗੱਲ ਦੀ ਵਿਆਖਿਆ ਅਸਲੀਅਤ ਤੋਂ ਉੱਕਾ ਹੀ ਕੋਰੀ ਹੈ। ਇਨ੍ਹਾਂ ਦੋ ਦਲੀਲਾਂ ਤੋਂ ਇਲਾਵਾ ਹੋਰ ਕੋਈ ਦਲੀਲ ਪਾੜੋ ਅਤੇ ਰਾਜ ਕਰੋ ਵਾਲੀ ਨੀਤੀ ਦੇ ਹੱਕ ਵਿਚ ਨਹੀਂ ਲੱਭਦੀ। ਸੋ ਇਹ ਕਹਿਣਾ ਕਿ ਮੁਲਕ ਦੀ ਵੰਡ ਦੇ ਬੀਜ ਅੰਗਰੇਜ਼ਾਂ ਨੇ ਬੀਜੇ ਬਹੁਤ ਗਲਤ ਹੈ। ਨਾਲੇ ਤੁਸੀਂ ਅੱਜ ਵੀ ਵੇਖ ਲਓ ਕਿ ਕਿਸੇ ਧਰਮ ਦੀ ਕਿਸੇ ਫਿਰਕੇ ਦੀ ਜਾਂ ਕਿਸੇ ਖਿੱਤੇ ਦੀ ਕਿਸੇ ਮੰਗ ਖਾਤਰ ਕੋਈ ਕੋਈ ਅੰਦੋਲਨ ਕਿੰਨਾ ਵੀ ਜਾਇਜ਼ ਕਿਉਂ ਨਾ ਹੋਵੇ ਤਾਂ ਮੰਗ ਦਾ ਵਿਰੋਧ ਕਰਨ ਵਾਲੇ ਹਮੇਸ਼ਾ ਇਹੀ ਕਹਿਣਗੇ ਕਿ ਇਹ ਅੰਦੋਲਨ ਫਲਾਣੇ ਦੀ ਸ਼ਹਿ ‘ਤੇ ਹੋ ਰਿਹਾ ਹੈ। ਅੱਗੇ ਜਾ ਕੇ ਤੁਸੀਂ ਦੇਖੋਗੇ ਕਿ ਮੁਸਲਿਮ ਲੀਗ ਨੇ ਸ਼ਰੇਆਮ ਅੰਗਰੇਜ਼ਾਂ ‘ਤੇ ਦੋਸ਼ ਲਾਏ ਕਿ “ਉਨ੍ਹਾਂ ਨੇ ਮੁਸਲਿਮਾਂ ਨੂੰ ਦਬਾਉਣ ਖਾਤਰ ਕਾਂਗਰਸ ਨਾਲ ਗਠਜੋੜ ਕਰ ਲਿਆ ਹੈ।

3. ਅੰਗਰੇਜ਼ ਮੁਲਕ ਦੀ ਵੰਡ ਨਹੀਂ ਸਨ ਚਾਹੁੰਦੇ: 1940 ਤੋਂ 45 ਤਕ ਚੱਲੀ ਸੰਸਾਰ ਜੰਗ ਮੌਕੇ ਭਾਰਤ ਦੇ ਵਾਇਸਰਾਏ ਲਾਰਡ ਵੇਵਲ ਨੇ ਦੇਸ਼ ਦੀ ਸੈਂਟਰਲ ਅਸੈਂਬਲੀ (ਲੋਕ ਸਭਾ) ਵਿਚ ਤਕਰੀਰ ਕਰਦਿਆਂ ਕਿਹਾ ਭਾਵੇਂ ਐਸ ਵੇਲੇ ਅੰਗਰੇਜ਼ਾਂ ਦਾ ਮੁੱਖ ਮੰਤਵ ਜੰਗ ਨੂੰ ਜਿੱਤਣਾ ਹੈ, ਪਰ ਅਸੀਂ ਆਉਣ ਵਾਲੇ ਦਿਨਾਂ ਲਈ ਭੀ ਬਰਾਬਰ ਤਿਆਰੀ ਕਰ ਰਹੇ ਹਾਂ। ਅੰਗਰੇਜ਼ ਜਾਤੀ ਤੇ ਬ੍ਰਿਟਿਸ਼ ਸਰਕਾਰ ਸੰਯੁਕਤ, ਖੁਸ਼ਹਾਲ ਤੇ ਸਵਤੰਤਰ ਹਿੰਦੁਸਤਾਨ ਨੂੰ ਦੇਖਣ ਦੀ ਪੁੱਜ ਕੇ ਇੱਛਾਵਾਨ ਹੈ। ਹਿੰਦੁਸਤਾਨ ਦਾ ਵੰਡਾਰਾ ਕਦਾਚਿਤ ਯੋਗ ਨਹੀਂ, ਕਿਉਂ ਜੁ ਕੁਦਰਤ ਨੇ ਭੂਗੋਲਿਕ ਤੌਰ ਤੇ ਹਿੰਦੁਸਤਾਨ ਨੂੰ ਅਖੰਡ ਬਣਾਇਆ ਹੈ। ਜਿਸ ਵੇਲੇ ਭੀ ਹਿੰਦੁਸਤਾਨੀ ਮਿਲ ਕੇ ਆਪਣਾ ਮਨ ਭਾਉਂਦਾ ਵਿਧਾਨ ਬਣਾ ਲੈਣ, ਅਸੀਂ ਦੇਸ਼ ਦਾ ਸਾਰਾ ਰਾਜ-ਭਾਗ ਉਨ੍ਹਾਂ ਨੂੰ ਸੌਂਪਣ ਨੂੰ ਤਿਆਰ ਹਾਂ। 1945 ਵਿਚ ਬਰਤਾਨਵੀ ਪਾਰਲੀਮੈਂਟ ਦੀਆਂ ਚੋਣਾਂ ਹੋਈਆਂ ਜਿਸ ਵਿਚ ਲੇਬਰ ਪਾਰਟੀ ਦੀ ਜਿੱਤ ਹੋਈ ਅਤੇ ਲਾਰਡ ਐਟਲੇ ਪ੍ਰਧਾਨ ਮੰਤਰੀ ਬਣੇ। ਭਾਰਤ ਨੂੰ ਆਜ਼ਾਦ ਕਰਨਾ ਲੇਬਰ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਸੀ। ਪ੍ਰਧਾਨ ਮੰਤਰੀ ਐਟਲੇ ਨੇ ਬ੍ਰਿਟਿਸ਼ ਪਾਰਲੀਮੈਂਟ ਵਿਚ ਭਾਸ਼ਨ ਦਿੰਦਿਆ ਕਿਹਾ ਕਿ ਆਪਣੇ ਚੋਣ ਵਾਅਦੇ ਮੁਤਾਬਕ ਅਸੀਂ ਹਿੰਦੁਸਤਾਨ ਨੂੰ ਆਜ਼ਾਦ ਕਰਨਾ ਚਾਹੁੰਦੇ ਹਾਂ, ਇਸ ਤੋਂ ਪਹਿਲਾਂ ਅਸੀਂ ਇਹ ਚਾਹੁੰਦੇ ਹਾਂ ਕਿ ਭਾਰਤ ਦੀਆਂ ਸਾਰੀਆਂ ਸਿਆਸੀ ਧਿਰਾਂ ਕਿਸੇ ਅਜਿਹੇ ਢਾਂਚੇ ‘ਤੇ ਸਹਿਮਤੀ ਕਰ ਲੈਣ ਜਿਸ ਨੂੰ ਅਸੀਂ ਸੱਤਾ ਸੌਂਪ ਸਕੀਏ। ਸਹਿਮਤੀ ਬਣਾਉਣ ਖ਼ਾਤਰ ਵਾਇਸਰਾਏ ਲਾਡਵੇਵਨ ਨੇ ਜੂਨ 1945 ਵਿੱਚ ਭਾਰਤ ਦੇ ਸਿਆਸੀ ਆਗੂਆਂ ਦੀ ਸ਼ਿਮਲੇ ਵਿੱਚ ਇੱਕ ਕਾਨਫਰੰਸ ਸੱਦੀ, ਜਿਸਨੂੰ ਸ਼ਿਮਲਾ ਕਾਨਫਰੰਸ ਕਿਹਾ ਜਾਂਦਾ ਹੈ। ਉਸ ਵੇਲੇ ਕਾਂਗਰਸ ਦੇ ਪ੍ਰਧਾਨ ਇੱਕ ਮੁਸਲਮਾਨ ਸਖਸ਼ੀਅਤ ਮੌਲਾਨਾ ਅਬਦੁੱਲ ਕਲਾਮ ਸਨ, ਉਹ ਕਾਂਗਰਸ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਇਆ। ਮੁਸਲਿਮ ਲੀਗ ਦਾ ਪ੍ਰਧਾਨ ਮੁਹੰਮਦ ਅਲੀ ਜਿਨਾਹ ਇਸ ਗੱਲ ‘ਤੇ ਅੜ ਗਿਆ ਕਿ ਮੁਸਲਾਮਾਨਾਂ ਦੀ ਨੁਮਾਇੰਦਾ ਜਮਾਤ ਸਿਰਫ਼ ਮੁਸਲਿਮ ਲੀਗ ਹੀ ਹੈ, ਸੋ ਕਾਂਗਰਸ ਨੂੰ ਕੋਈ ਹੱਕ ਨਹੀਂ ਕਿ ਆਪਣੇ ਨੁਮਾਇੰਦੇ ਵਜੋਂ ਕਿਸੇ ਮੁਸਲਮਾਨ ਨੂੰ ਪੇਸ਼ ਕਰੇ। ਇਸੇ ਡੈਡਲਾਕ ਕਰਕੇ ਸਹਿਮਤੀ ਬਣਾਉਣ ਦੀ ਇਹ ਕੋਸ਼ਿਸ਼ ਅਸਫ਼ਲ ਰਹੀ। ਜਨਵਰੀ 1946 ਵਿਚ ਸੂਬਾਈ ਵਿਧਾਨ ਸਭਾਵਾਂ ਅਤੇ ਕੇਂਦਰੀ ਅਸੈਂਬਲੀ ਦੀਆ ਚੋਣਾਂ ਹੋਈਆਂ। ਅਪ੍ਰੈਲ 1946 ਵਿਚ ਕੈਬਨਿਟ ਮਿਸ਼ਨ ਭਾਰਤ ਵਿਚ ਆਇਆ ਜਿਸਦਾ ਉਦੇਸ਼ ਇਹ ਸੀ ਸੱਤਾ ਦੀ ਤਬਦੀਲੀ ਦੀ ਰੂਪ-ਰੇਖਾ ਘੜਣ ਬਾਰੇ ਸਹਿਮਤੀ ਕਰਾਈ ਜਾਵੇ। ਭਾਰਤੀ ਆਗੂਆਂ ਨਾਲ ਕਈ ਮੀਟਿੰਗਾਂ ਦੌਰਾਨ ਲੰਬੀ ਮਗਜ਼ ਖਪਾਈ ਕਰਕੇ ਮੁਲਕ ਦੀ ਨਵੀਂ ਸਿਆਸੀ ਰੂਪ ਰੇਖਾ ਬਾਰੇ ਸਹਿਮਤੀ ਲਈ ਅਤੇ ਇਸ ਨੂੰ ਇਕ ਤਜਵੀਜ਼ ਦੇ ਤੌਰ ‘ਤੇ ਲੋਕਾਂ ਸਾਹਮਣੇ ਰੱਖਿਆ, ਜਿਸ ਨੂੰ ‘ਕੈਬਨਿਟ ਮਿਸ਼ਨ ਪਲੈਨ’ ਕਿਹਾ ਜਾਂਦਾ ਹੈ। ਇਹ ਪਲੈਨ 16 ਮਈ 1946 ਨੂੰ ਨਸ਼ਰ ਕੀਤੀ ਗਈ।

4. ਇਹ ਸੀ ਕੈਬਨਿਟ ਮਿਸ਼ਨ ਪਲੈਨ: 1. ਭਾਰਤੀ ਸੂਬਿਆਂ ਦੇ ਤਿੰਨ ਗੁੱਟ ਬਣਾਏ ਜਾਣ। ਇਕ ਵਿਚ ਪੰਜਾਬ, ਬਲੋਚਿਸਤਾਨ, ਸਿੰਧ ਅਤੇ ਉਤਰ-ਪੱਛਮੀ ਸਰਹੱਦੀ ਸੂਬਾ ਹੋਣ। ਦੂਜੇ ਵਿਚ ਬੰਗਾਲ ਅਤੇ ਆਸਾਮ। ਇਨ੍ਹਾਂ ਦੋਵਾਂ ਗੁੱਟਾਂ ਵਿਚ ਮੁਸਲਮਾਨ ਆਬਾਦੀ ਭਾਰੂ ਸੀ। ਤੀਜਾ ਗੁੱਟ ਸੀ ਬਾਕੀ ਬਚਿਆ ਸਾਰਾ ਭਾਰਤ, ਜਿਸ ਵਿਚ ਹਿੰਦੂ ਬਹੁਗਿਣਤੀ ਸੀ। 2. ਕੇਂਦਰੀ ਸਰਕਾਰ ਕੋਲ ਸਿਰਫ ਤਿੰਨ ਮਹਿਕਮੇ ਰੱਖਿਆ (ਫੌਜਾਂ), ਵਿਦੇਸ਼ੀ ਸਬੰਧ ਅਤੇ ਡਾਕ-ਤਾਰ ਟੈਲੀਫੋਨ ਹੋਣ। ਬਾਕੀ ਸਾਰੇ ਮਹਿਕਮੇ ਸੂਬਿਆਂ ਦੇ ਗੁੱਟਾਂ ਕੋਲ ਹੋਣ। ਇਕ ਕੇਂਦਰੀ ਸੰਵਿਧਾਨ ਘੜਣੀ ਅਸੈਂਬਲੀ ਬਣਾਈ ਜਾਵੇ, ਜੋ ਕਿ ਕੇਂਦਰੀ ਸਰਕਾਰ ਨੂੰ ਚਲਾਉਣ ਬਾਰੇ ਸੰਵਿਧਾਨ ਬਣਾਵੇ। ਕੇਂਦਰੀ ਅਸੈਂਬਲੀ ਵਿਚ ਉਪਰੋਕਤ ਤਿੰਨੇ ਸੂਬਾਈ ਗੁੱਟਾਂ ਦੇ ਨੁਮਾਇੰਦੇ ਵੱਖਰੇ ਵੱਖਰੇ ਬੈਠਕੇ ਆਪੋ-ਆਪਣੇ ਸੂਬਾਈ ਗੁੱਟਾਂ ਦਾ ਸੰਵਿਧਾਨ ਬਣਾਉਣਗੇ। ਭਾਵ ਕੇਂਦਰੀ ਅਸੈਂਬਲੀ ਸਿਰਫ ਕੇਂਦਰ ਦੇ ਤਿੰਨ ਮਹਿਕਮਿਆਂ ਬਾਰੇ ਹੀ ਸੰਵਿਧਾਨ ਬਣਾਵੇਗੀ। ਹਰੇਕ ਸੂਬਾਈ ਗੁੱਟ ਨੂੰ 10 ਸਾਲ ਪਿਛੋਂ ਦਾ ਹੱਕ ਹੋਣਾ ਸੀ। ਇਸ ਮੁਤਾਬਕ ਪਲੈਨ ਵਿਚ ਦਰਜ ਸੀ ਕਿ ਇਕ ਆਰਜੀ ਸਰਕਾਰ ਕਾਇਮ ਕੀਤੀ ਜਾਵੇਗੀ ਜਿਸ ਵਿਚ ਸਾਰੀਆਂ ਧਿਰਾਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਇਨ੍ਹਾਂ ਤਜਵੀਜ਼ਾਂ ਨਾਲ ਮੁਸਲਿਮ ਲੀਗ ਦੀ ਪਾਕਿਸਤਾਨ ਵਾਲੀ ਮੰਗ ਕੁਝ ਹੱਦ ਤਕ ਪੂਰੀ ਹੁੰਦੀ ਸੀ ਅਤੇ ਕਾਂਗਰਸ ਦੀ ਮਨਸ਼ਾ ਮੁਤਾਬਕ ਹਿੰਦੁਸਤਾਨ ਵੀ ਇਕ ਰਹਿੰਦਾ ਸੀ। ਕਾਂਗਰਸ ਨੇ ਆਰਜ਼ੀ ਸਰਕਾਰ ਵਾਲੀ ਤਜਵੀਜ਼ ਨਾ ਮੰਨੀ ਬਲਕਿ ਸਿਰਫ ਕਾਨੂੰਨ ਘੜਣੀ ਅਸੈਂਬਲੀ ਵਾਲੀ ਤਜਵੀਜ਼ ਹੀ ਮੰਨੀ। ਉਹਦਾ ਕਹਿਣਾ ਸੀ ਕਿ ਇਹ ਅਸੈਂਬਲੀ ਦੇ ਕੰਮ ਕਰਨ ਤੋਂ ਪਹਿਲਾਂ ਅੰਗਰੇਜ਼ੀ ਫੌਜ ਦੇਸ਼ ਨੂੰ ਛੱਡ ਜਾਵੇ। ਮੁਸਲਿਮ ਲੀਗ ਚਾਹੁੰਦੀ ਸੀ ਕਿ ਘੱਟ ਗਿਣਤੀਆਂ ਦੀ ਰੱਖਿਆ ਖਾਤਰ ਅੰਗਰੇਜ਼ ਮੁਲਕ ਛੱਡਣ ਤੋਂ ਪਹਿਲਾਂ ਸਾਰੇ ਸਮਝੌਤੇ ਕਰਵਾ ਕੇ ਜਾਣ। ਕਾਂਗਰਸ ਦੀ ਮੰਗ ਦਾ ਮਤਲਬ ਜਿਨਾਹ ਨੇ ਉਹ ਸਮਝਿਆ ਕਿ ਅੰਗਰੇਜ਼ਾਂ ਦੇ ਮੁਲਕ ਨੂੰ ਛੱਡ ਜਾਣ ਤੋਂ ਬਾਅਦ ਸੰਵਿਧਾਨ ਸਭਾ ਮੁਕੰਮਲ ਤੌਰ ‘ਤੇ ਬਹੁ ਗਿਣਤੀ ਦੇ ਹੱਥ ਹੋਵੇਗੀ ਅਤੇ ਬਹੁਗਿਣਤੀ ਸਾਹਮਣੇ ਮੁਸਲਿਮ ਲੀਗ ਦੀ ਕੋਈ ਪੇਸ਼ ਨਹੀਂ ਚੱਲਣੀ। ਅੱਗੇ ਜਾ ਕੇ ਵੇਖਾਂਗੇ ਕਿ ਜਿਨਾਹ ਦੇ ਇਸ ਸ਼ੱਕ ਨੂੰ ਨਹਿਰੂ ਨੇ ਬਿਲਕੁਲ ਪੱਕਾ ਕਰ ਦਿੱਤਾ। ਜਿਸ ਨਾਲ ਅੰਗਰੇਜ਼ਾਂ ਵੇਲੇ ਹਿੰਦੁਸਤਾਨ ਨੂੰ ਇਕ ਰੱਖਣ ਦੀ ਕੋਸ਼ਿਸ਼ ਬੇਕਾਰ ਕਰ ਦਿੱਤੀ। ਨਹਿਰੂ ਦੇ ਇਸ ਬਿਆਨ ਨਾਲ ਮੁਸਲਮਾਨਾਂ ਨੂੰ ਇਹ ਸਪੱਸ਼ਟ ਹੋ ਗਿਆ ਕਿ ਅਖੰਡ ਭਾਰਤ ਵਿਚ ਉਨ੍ਹਾਂ ਦਾ ਰਹਿਣਾ ਔਖਾ ਹੈ। ਜਿਸ ਕਰਕੇ ਮੁਸਲਮਾਨ ਪਾਕਿਸਤਾਨ ਕਾਇਮ ਕਰਨ ਲਈ ਮਰਨ-ਮਾਰਨ ‘ਤੇ ਉਤਾਰੂ ਹੋ ਗਏ। ਜਿਸ ਤੋਂ ਬੇਵੱਸ ਹੋ ਕੇ ਨਹਿਰੂ, ਪਟੇਲ ਸਣੇ ਗਾਂਧੀ ਤਕ ਨੂੰ ਵੰਡ ਦੀ ਮੰਗ ਖੁਦ ਕਰਨੀ ਪਈ।

5. ਸੰਵਿਧਾਨ ਘੜਣੀ ਅਸੈਂਬਲੀ ਦੀ ਚੋਣ: 1946 ਦੀ ਜੁਲਾਈ ਦੇ ਪਹਿਲੇ ਹਫਤੇ ਸੂਬਾਈ ਵਿਧਾਨ ਸਭਾਵਾਂ ਨੇ ਅਜੋਕੀ ਰਾਜ ਸਭਾ ਦੀਆਂ ਚੋਣਾਂ ਵਾਗੂੰ ਸੰਵਿਧਾਨ ਘੜਣੀ ਅਸੈਂਬਲੀ ਲਈ ਆਪਣੇ ਨੁਮਾਇੰਦੇ ਚੁਣੇ। ਭਾਵ ਐਮ.ਐਲਿਆਂ ਨੇ ਵੋਟਾਂ ਨਾਲ ਸੰਵਿਧਾਨ ਸਭਾ ਚੁਣੀ। 10 ਲੱਖ ਦੀ ਆਬਾਦੀ ਪਿੱਛੇ ਇਕ ਨੂੰਮਾਇੰਦਾ ਚੁਣਿਆ ਗਿਆ। ਹਿੰਦੂਆਂ ਲਈ ਰਿਜ਼ਰਵ 296 ਸੀਟਾਂ ਵਿੱਚੋਂ ਕਾਂਗਰਸ ਨੇ 287 ਅਤੇ ਮੁਸਲਮਾਨਾਂ ਲਈ ਰਿਜ਼ਰਵ ਸੀਟਾਂ ਵਿੱਚੋਂ ਮੁਸਲਿਮ ਲੀਗ ਨੇ 73 ਸੀਟਾਂ ਜਿੱਤੀਆਂ।ਇਸ ਤੋਂ ਇਲਾਵਾ ਰਿਆਸਤਾਂ ਵਿਚ 93 ਨੁਮਾਇੰਦੇ ਇਸ ਵਿਚ ਨਾਮਜ਼ਦ ਹੋਏ।

ਕੈਬਨਿਟ ਮਿਸ਼ਨ ਦੀਆਂ ਤਜਵੀਜ਼ਾਂ ਮੁਤਾਬਕ ਮੁਸਲਿਮ ਲੀਗ ਨੇ ਦੋਵੇਂ ਗੱਲਾਂ ਮੰਨ ਲਈਆਂ ਜਿਸ ਵਿਚ ਆਰਜੀ ਸਰਕਾਰ ਵਿਚ ਹਿੱਸਾ ਲੈਣਾ ਸ਼ਾਮਿਲ ਸੀ। ਪਰ ਕਾਂਗਰਸ ਨੇ ਆਰਜੀ ਸਰਕਾਰ ਵਾਲੀ ਗੱਲ ਨਾ ਮੰਨੀ। 25 ਜੂਨ 1946 ਨੂੰ ਹੋਈ ਮੀਟਿੰਗ ਦੌਰਾਨ ਜਿਨਾਹ ਨੇ ਵਾਇਸਰਾਏ ਨੂੰ ਕਿਹਾ ਕਿ ਕਿਉਂਕਿ ਕਾਂਗਰਸ ਆਰਜੀ ਸਰਕਾਰ ਵਾਲੀ ਮੱਦ ਨਹੀਂ ਮੰਨਦੀ, ਇਸ ਕਰਕੇ ਤਜਵੀਜ਼ ਦਾ ਪਹਿਰਾ ਨੰਬਰ 8 ਲਾਗੂ ਕੀਤਾ ਜਾਵੇ। ਜਿਸ ਦਾ ਮਤਲਬ ਜਿਨਾਹ ਇਉਂ ਕੱਢਦਾ ਸੀ ਕਿ ਜੇ ਕੋਈ ਇਕ ਧਿਰ ਸਰਕਾਰ ਵਿਚ ਸ਼ਾਮਿਲ ਨਹੀਂ ਹੁੰਦੀ ਤਾਂ ਦੂਜੀ ਧਿਰ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਜਾਵੇਗਾ। (ਜਿਨਾਹ ਦੇ ਕਥਨ ਮੁਤਾਬਕ ਵਾਇਸਰਾਏ ਨੇ ਇਸ ਗੱਲ ਬਾਰੇ ਉਸਨੂੰ ਚਿੱਠੀ ਵੀ ਲਿਖੀ ਸੀ) ਵਾਇਸਰਾਏ ਨੇ ਇਸਦਾ ਅਰਥ ਇਹ ਕੱਢਿਆ ਕਿ ਪਹਿਰਾ ਨੰਬਰ 8 ਦਾ ਭਾਵ ਹੈ ਕਿ ਅਜਿਹੀ ਸੂਰਤ ਵਿਚ ਸਾਂਝੀ ਸਰਕਾਰ ਦੀ ਬਜਾਏ ਇਕ ਐਗਜੈਕਟਿਵ ਕਾਊਂਸਲ ਬਣੇਗੀ, ਜੋ ਕਿ ਵਧ ਤੋਂ ਵਧ ਪ੍ਰਤੀਨਿਧਤਾ ਰੱਖੇ। ਇਸ ਗੱਲ ਤੇ ਜਿਨਾਹ ਬਹੁਤ ਗੁੱਸੇ ਹੋਇਆ ਤਾਂ ਉਹਨੇ ਕਿਹਾ ਕਿ ਜੇ ਤੁਹਾਨੂੰ ਇਹ ਗੱਲ ਮਨਜ਼ੂਰ ਨਹੀਂ ਹੈ ਤਾਂ ਵਿਧਾਨ ਘੜਣੀ ਅਸੈਂਬਲੀ ਦੀਆਂ ਚੋਣਾਂ ਮੁਲਤਵੀ ਕੀਤੀਆਂ ਜਾਣ। ਪਰ ਅੰਗਰੇਜ਼ ਇਸ ਸਿਆਸੀ ਰੌਲੇ ਨੂੰ ਛੇਤੀ ਨਬੇੜ ਕੇ ਭਾਰਤ ਨੂੰ ਆਜ਼ਾਦ ਕਰਨਾ ਚਾਹੁੰਦੇ ਸਨ। ਇਸੇ ਨੀਤੀ ਤਹਿਤ ਵਾਇਸਰਾਏ ਨੇ ਜਿਨਾਹ ਦੀ ਇਹ ਮੰਗ ਨਾਮਨਜੂਰ ਕਰਦਿਆਂ ਆਖਿਆ ਕਿ ਇਹ ਨਵੀਂ ਰਾਜ ਬਣਤਰ ਵਿਚ ਰੋੜਾ ਅਟਕਾਉਣ ਵਾਲੀ ਗੱਲ ਹੈ। ਇਸ ‘ਤੇ ਮਿਸਟਰ ਜਿਨਾਹ ਬਹੁਤ ਤਲਖ ਹੋਏ ਤੇ ਕੈਬਨਿਟ ਮਿਸ਼ਨ ‘ਤੇ ਧੋਖੇਬਾਜ਼ੀ ਦਾ ਦੂਸ਼ਣ ਲਾਇਆ। ਉਸਨੇ ਵਾਇਸਰਾਏ ਨੂੰ ਵੀ ਬੇਇਕਰਾਰਾ ਕਿਹਾ। ਇਸ ਸਮੇਂ ਮਿਸਟਰ ਜਿਨਾਹ ਦੀ ਹਾਲਤ ਇਕ ਵਿਚਾਰੇ ਵਾਲੀ ਬਣ ਗਈ ਸੀ। ਉਸਦੀ ਬੇਚਾਰਗੀ ਦੀ ਕਾਂਗਰਸੀ ਅਖਬਾਰਾਂ ਨੇ ਬਹੁਤ ਖਿੱਲੀ ਉਡਾਈ ਅਤੇ ਕਿਹਾ ਕਿ ਜਿਨਾਹ ਆਪਣੇ ਬੁਣੇ ਹੋਏ ਜਾਲ ਵਿਚ ਖੁਦ ਹੀ ਫਸ ਗਿਆ ਹੈ। ਪਰ ਜਿਨਾਹ ਨੇ ਹਾਲਾਤ ਮੂਹਰੇ ਹਥਿਆਰ ਨਹੀਂ ਸੁੱਟੇ ਸਗੋਂ ਆਪਣੀ ਮੁਸਲਮਾਨ ਅਵਾਮ ਨੂੰ ਇਸ ਲਾਚਾਰੀ ਵਾਲੀ ਮਨੋਅਵਸਥਾ ਵਿਚੋਂ ਕੱਢਣ ਲਈ ਸਿਖਰਲੀ ਵਾਹ ਲਾ ਦਿੱਤੀ। ਜੋ ਕਿ ਡਾਇਰੈਕਟ ਐਕਸ਼ਨ ਪਲਾਨ ਦੇ ਰੂਪ ਵਿਚ ਸਾਹਮਣੇ ਆਈ।

ਚਲਦਾ...


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top