Share on Facebook

Main News Page

ਨਾਨਕਸ਼ਾਹੀ ਕੈਲੰਡਰ ਵਿਵਾਦ ਸੁਲਝਾਉਣ ਲਈ ਇਕੱਤਰਤਾ ਬੁਲਾਈ ਜਾਵੇ: ਕਲਕੱਤਾ

ਕੋਲਕਾਤਾ, 18 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਕਲਕੱਤਾ ਨੇ ਕਿਹਾ ਹੈ ਕਿ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਜਿਹੜਾ ਨਵਾਂ ਵਿਵਾਦ ਸ਼ੁਰੂ ਕੀਤਾ ਗਿਆ ਹੈ ਉਸ ਦਾ ਹੱਲ ਲੱਭਣ ਲਈ ਸ੍ਰੀ ਅਕਾਲ ਤਖ਼ਤ ਨੂੰ ਉਨ੍ਹਾਂ ਸਿੱਖ ਸੰਗਠਨਾਂ ਤੇ ਸਿੱਖ ਵਿਦਵਾਨਾਂ ਦੀ ਮੀਟਿੰਗ ਸੱਦਣੀ ਚਾਹੀਦੀ ਹੈ ਜਿਹੜੇ 1925 ‘ਚ ਬਣਾਈ ਗਈ ਰਹਿਤ ਮਰਿਆਦਾ ਨੂੰ ਮੰਨਦੇ ਹਨ। ਸ੍ਰੀ ਕਲਕੱਤਾ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਜਿਹੜੀ ਵੀ ਤਰਮੀਮ ਪ੍ਰਵਾਨ ਹੋਵੇ ਉਸ ਨੂੰ ਗ੍ਰਹਿਣ ਕੀਤਾ ਜਾਵੇ।

ਸ੍ਰੀ ਕਲਕੱਤਾ ਨੇ ਇਥੇ ਮੁਲਾਕਾਤ ਸਮੇਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ 15 ਸਾਲਾਂ ਦੀ ਮਿਹਨਤ ਨਾਲ ਤਿਆਰ ਹੋਇਆ ਹੈ। ਉਸ ਨੂੰ ਬਣਾਉਣ ਲਈ ਵਿਦਵਾਨਾਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਭੁਗੋਲ ਦੀ ਕਾਫੀ ਘੋਖ ਕਰਨੀ ਪਈ ਹੈ ਅਤੇ 1998 ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਇਸ ਕੈਲੰਡਰ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਤੋਂ ਬਾਅਦ 1999 ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਇਸੇ ਕੈਲੰਡਰ ਅਨੁਸਾਰ ਹੀ 5 ਜਨਵਰੀ ਨੂੰ ਮਨਾਇਆ ਗਿਆ ਸੀ।

ਸ੍ਰੀ ਕਲਕੱਤਾ ਨੇ ਦੋਸ਼ ਲਾਇਆ ਕਿ ਹੁਣ ਸ਼੍ਰੋਮਣੀ ਕਮੇਟੀ ਦੀ ਅਗਜ਼ੈਕਟਿਵ ਨੇ ਆਰ.ਐਸ.ਐਸ. ਦੇ ਦਬਾਅ ਹੇਠ ਆ ਕੇ ਇਸ ਕੈਲੰਡਰ ਨੂੰ ਰੱਦ ਕਰ ਦਿੱਤਾ ਤੇ ਕਮੇਟੀ ਦੇ ਪ੍ਰਧਾਨ ਦੇ ਦਬਾਅ ਨਾਲ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਸੱਦ ਕੇ ਉਸ ਵਿੱਚ ਮਸਲੇ ਨੂੰ ਵਿਚਾਰਨ ਦੀ ਬਜਾਏ ਪੰਜ ਗ੍ਰੰਥੀਆਂ ਦੀ ਮੀਟਿੰਗ ਸੱਦ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਦਿੱਤੇ ਗਏ ਹੁਕਮ ਦੀ ਪਾਲਣਾ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਵੀ ਪ੍ਰਕਾਸ਼ ਸਿੰਘ ਬਾਦਲ ਜਿਹੜੇ ਆਰ. ਐਸ.ਐਸ. ਦੇ ਦਬਾਅ ਹੇਠ ਹਨ, ਨੇ ਨਿਰਦੇਸ਼ ‘ਤੇ ਨਾਨਕਸ਼ਾਹੀ ਕੈਲੰਡਰ ਰੱਦ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਨੇ ਪ੍ਰਧਾਨ ਦਾ ਹੁਕਮ ਨਹੀਂ ਸੀ ਮੰਨਿਆ, ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਦੀ ਜਥੇਦਾਰੀ ਤੋਂ ਹਟਾ ਦਿੱਤਾ ਗਿਆ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top