Share on Facebook

Main News Page

ਕੇਸ ਦਾਹੜੀ ਕਟਾ ਕੇ ਅਤੇ ਜਨੇਊ ਪਹਿਨ ਕੇ ਹਵਨ ਕਰਨ ਵਾਲੇ ਜਦੋਂ ਬਾਬਾ ਦੀਪ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਦੇਣ, ਤਾਂ ਉਸ ਦਾ ਕੀ ਅਰਥ ਰਹਿ ਜਾਂਦਾ ਹੈ: ਗਿਆਨੀ ਅਲਵਰ

ਬਠਿੰਡਾ 26 ਜਨਵਰੀ (ਕਿਰਪਾਲ ਸਿੰਘ): ਕੇਸ ਦਾਹੜੀ ਕਟਾ ਕੇ ਅਤੇ ਜਨੇਊ ਪਹਿਨ ਕੇ ਹਵਨ ਕਰਨ ਵਾਲੇ ਜਦੋਂ ਬਾਬਾ ਦੀਪ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਦੇਣ ਤਾਂ ਉਸ ਦਾ ਕੀ ਅਰਥ ਰਹਿ ਜਾਂਦਾ ਹੈ? ਇਹ ਸ਼ਬਦ ਗਿਆਨੀ ਹਰਿੰਦਰ ਸਿੰਘ ਅਲਵਰ ਨੇ ਗੁਰਦੁਆਰਾ ਬੰਗਲਾ ਸਹਿਬ ਨਵੀਂ ਦਿੱਲੀ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਚੱਲ ਰਹੀ ਲੜੀਵਾਰ ਕਥਾ ਦੌਰਾਨ ਅੱਜ ਸਵੇਰੇ ਕਹੇ ਜਿਸ ਦਾ ਸਿੱਧਾ ਪ੍ਰਸਾਰਣ ਚੜ੍ਹਦੀ ਕਲਾ ਟਾਈਮ ਟੀਵੀ ਤੋਂ ਹੋ ਰਿਹਾ ਸੀ।

ਅੱਜ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਨ ਹੋਣ ਕਰਕੇ ਉਨ੍ਹਾਂ ਦੇ ਜੀਵਨ ਸਬੰਧੀ ਚਾਨਣਾ ਪਾਉਂਦਿਆਂ ਗਿਆਨੀ ਅਲਵਰ ਨੇ ਕਿਹਾ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ 1682 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਵਿਖੇ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰ੍ਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। 20-22 ਸਾਲ ਦੀ ਉਮਰ ਵਿਚ ਹੀ ਬਾਬਾ ਦੀਪ ਸਿੰਘ ਇਕ ਸਿਆਣੇ ਵਿਦਵਾਨ ਤੇ ਸੂਰਬੀਰ ਸੈਨਿਕ ਬਣ ਗਏ ਸਨ। ਇਕ ਪਾਸੇ ਤਾਂ ਆਪ ਸਿੱਖ ਸੰਗਤ ਅੰਦਰ ਪਾਵਨ ਗੁਰਬਾਣੀ ਦਾ ਗਿਆਨ ਕਰਵਾਉਂਦੇ ਅਤੇ ਗੁਰੂ ਜੀ ਦੇ ਆਦੇਸ਼ ਅਨੁਸਾਰ ਖੰਡੇ-ਬਾਟੇ ਦਾ ਅੰਮ੍ਰਿਤ ਛਕਾ ਕੇ ਸਿੱਖਾਂ ਵਿਚ ਨਵਾਂ ਧਾਰਮਿਕ ਜੋਸ਼ ਭਰਦੇ ਸਨ, ਦੂਸਰੇ ਪਾਸੇ ਆਪ ਸਿੰਘ ਸੂਰਮਿਆਂ ਦੇ ਜਥੇ ਤਿਆਰ ਕਰਕੇ ਲੋੜ ਸਮੇਂ ਮੈਦਾਨ-ਏ-ਜੰਗ ਵਿਚ ਜਾ ਕੇ ਜੈਕਾਰੇ ਬੁਲਾਉਂਦੇ ਸਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਉਪਰੰਤ ਵੱਖ-ਵੱਖ ਅਸਥਾਨਾਂ ਰਾਹੀਂ ਹੁੰਦੇ ਹੋਏ ਪਾਵਨ ਅਸਥਾਨ ਦਮਦਮਾ ਸਾਹਿਬ, ਤਲਵੰਡੀ ਸਾਬੋ, ਜ਼ਿਲ਼੍ਹਾ ਬਠਿੰਡਾ ਵਿਖੇ ਪਹੁੰਚੇ। ਇਸ ਪਾਵਨ ਅਸਥਾਨ 'ਤੇ ਬਾਬਾ ਦੀਪ ਸਿੰਘ ਜੀ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਹਾਜ਼ਰ ਹੋਏ ਅਤੇ ਇਤਨਾ ਲੰਬਾ ਸਮਾਂ ਗੁਰੂ ਜੀ ਤੋਂ ਦੂਰ ਰਹਿਣ ਦੀ ਭੁੱਲ ਦੀ ਮੁਆਫੀ ਮੰਗੀ। ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਦੀਪ ਸਿੰਘ ਜੀ ਨੂੰ ਗਲਵਕੜੀ ਵਿੱਚ ਲੈਂਦਿਆਂ ਕਿਹਾ ਕਿਹਾ ਕਿ ਸਰੀਰ ਕਰਕੇ ਦੂਰ ਰਹਿਣ ਦੀ ਕੋਈ ਗੱਲ ਨਹੀਂ ਜਿਹੜਾ ਗੁਰੂ ਦੀ ਸਿਖਿਆ ਨੂੰ ਹਮੇਸ਼ਾਂ ਹੀ ਆਪਣੇ ਹਿਰਦੇ ਵਿੱਚ ਵਸਾ ਕੇ ਰਖਦਾ ਹੈ ਅਤੇ ਉਸ ’ਤੇ ਅਮਲ ਕਰਦਾ ਹੈ ਤਾਂ ਸਮਝੋ ਉਹ ਹਮੇਸ਼ਾਂ ਹੀ ਗੁਰੂ ਦੇ ਅੰਗ ਸੰਗ ਹੈ।

ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਸੰਪੂਰਨਤਾ ਦਾ ਕੰਮ ਮੁੜ ਕੇ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ। ਗੁਰੂ ਪਾਤਸ਼ਾਹ ਜੀ ਜਦੋਂ ਦੱਖਣ ਵੱਲ ਗਏ ਤਾਂ ਬਾਬਾ ਦੀਪ ਸਿੰਘ ਜੀ ਨੂੰ 'ਗੁਰੂ ਕੀ ਕਾਂਸ਼ੀ' ਦਮਦਮਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ ਅਤੇ ਗੁਰਬਾਣੀ ਪੜ੍ਹਨ-ਪੜ੍ਹਾਉਣ ਤੇ ਲਿਖਵਾਉਣ ਦੀ ਸੇਵਾ ਲਈ ਨਿਯਤ ਕਰ ਗਏ ਸਨ। ਬਾਬਾ ਦੀਪ ਸਿੰਘ ਜੀ ਨੇ ਇਹ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ।

ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ਉਤੇ ਤੁਲਿਆ ਹੋਇਆ ਸੀ, ਆਪਣੇ 1757 ਈ: ਦੇ ਹਿੰਦੁਸਤਾਨ ਦੇ ਹਮਲੇ ਵੇਲੇ ਦਿੱਲੀ ਜਾਂਦਾ ਹੋਇਆ ਕੁਝ ਦੇਰ ਲਈ ਲਾਹੌਰ ਠਹਿਰਿਆ। ਉਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ। ਜਦ ਅਹਿਮਦ ਸ਼ਾਹ ਦੁਰਾਨੀ ਨੂੰ ਇਸ ਗੱਲ ਦਾ ਯਕੀਨ ਹੋਇਆ ਕਿ ਜਿਸ ਸਮੇਂ ਤੱਕ ਸਿੱਖ ਦਰਬਾਰ ਸਾਹਿਬ ਤੋਂ ਪ੍ਰੇਰਣਾ ਲੈਂਦੇ ਰਹਿਣਗੇ ਉਸ ਸਮੇਂ ਤੱਕ ਇਹ ਸਰੀਰਕ ਤੌਰ ’ਤੇ ਮਾਰਿਆਂ ਖਤਮ ਨਹੀਂ ਹੋ ਸਕਦੇ ਇਸ ਲਈ ਇਸ ਹਮਲੇ ਸਮੇਂ ਅੰਮ੍ਰਿਤਸਰ ਸ਼ਹਿਰ ਦੇ ਇਨਚਾਰਜ ਜਹਾਨ ਖਾਨ ਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਨੂੰ ਢਾਹ ਅਤੇ ਪਵਿੱਤਰ ਸਰੋਵਰ ਨੂੰ ਪੂਰ ਦਿੱਤਾ ਗਿਆ। ਇਹ ਖ਼ਬਰ ਜਦੋਂ ਬਾਬਾ ਦੀਪ ਸਿੰਘ ਜੀ ਨੂੰ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਅਸਥਾਨ 'ਤੇ ਪੁੱਜੀ ਤਾਂ ਆਪ ਦੇ ਦਿਲ 'ਤੇ ਅਸਹਿ ਸੱਟ ਵੱਜੀ। ਆਪ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤ੍ਰਤਾ ਭੰਗ ਕਰਨ ਵਾਲਿਆਂ ਨਾਲ ਟੱਕਰ ਲੈਣ ਦਾ ਫੈਸਲਾ ਕਰ ਲਿਆ। ਆਸ-ਪਾਸ ਦੇ ਨਗਰਾਂ ਤੇ ਟਿਕਾਣਿਆਂ 'ਤੇ ਇਤਲਾਹ ਦਿੱਤੀ ਗਈ। ਵੱਖ-ਵੱਖ ਨਗਰਾਂ ਤੋਂ ਅਣਗਿਣਤ ਸਿੰਘ ਬਾਬਾ ਜੀ ਦੀ ਅਗਵਾਈ ਵਿਚ ਪਾਵਨ ਧਰਮ ਅਸਥਾਨ ਦੀ ਰੱਖਿਆ ਲਈ ਹਾਜ਼ਰ ਹੋਏ। ਬਾਬਾ ਦੀਪ ਸਿੰਘ ਜੀ ਨੇ ਇਕ ਲਕੀਰ ਖਿੱਚੀ ਅਤੇ ਕਿਹਾ ਕਿ ਮੌਤ ਲਾੜੀ ਨੂੰ ਵਿਹਾਹੁਣ ਲਈ ਬਰਾਤ ਚੜ੍ਹਨੀ ਹੈ। ਜਿਸ ਨੇ ਇਸ ਬਰਾਤ ਵਿੱਚ ਸ਼ਾਮਲ ਹੋਣਾ ਹੈ ਭਾਵ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹ ਸ਼ਹੀਦੀ ਗਾਨੇ ਬੰਨ੍ਹ ਕੇ ਇਸ ਲਕੀਰ ਨੂੰ ਪਾਰ ਕਰੇ, ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ ਉਹ ਵਾਪਸ ਚਲਿਆ ਜਾਵੇ। ਗਿਆਨੀ ਅਲਵਰ ਨੇ ਕਿਹਾ ਕਿ ਸਿੰਘ ਆਤਮ ਹਤਿਆ ਨਹੀਂ ਕਰਦੇ ਬਲਕਿ ਸ਼ਹੀਦੀ ਦੇਣ ਲਈ ਹਮੇਸ਼ਾਂ ਤਿਆਰ ਬਰਤਿਆਰ ਰਹਿੰਦੇ ਹਨ। ‘ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥ ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥61॥’ (ਗੁਰੂ ਗ੍ਰੰਥ ਸਾਹਿਬ - ਪੰਨਾ 1367) ਦੇ ਅਰਥ ਵੀ ਇਹ ਨਹੀਂ ਨਿਕਲਦੇ ਕਿ ਕਬੀਰ ਸਾਹਿਬ ਨੂੰ ਮਰਨ ਦਾ ਚਾਉ ਹੈ ਤੇ ਇਸ ਲਈ ਹਰੀ ਦੇ ਦੁਆਰ ਜਾ ਕੇ ਆਤਮ ਹੱਤਿਆ ਕਰਦੇ ਹਨ।

ਗਿਆਨੀ ਅਲਵਰ ਨੇ ਕਿਹਾ ਕਿ ਜਦੋਂ ਕੋਈ ਆਤਮ ਹੱਤਿਆ ਕਰਨ ਜਾਂਦਾ ਹੈ ਤਾਂ ਪ੍ਰਵਾਰ ਵਾਲੇ ਉਸ ਨੂੰ ਰੋਕਦੇ ਹਨ, ਪਰ ਜਦ ਸ਼ਹੀਦੀ ਦੇਣ ਦਾ ਸਮਾਂ ਆਉਂਦਾ ਹੈ ਤਾਂ ਸਿੱਖੀ ਅਸੂਲਾਂ ’ਤੇ ਪਹਿਰਾ ਦੇਣ ਵਾਲੇ ਪ੍ਰਵਾਰ ਆਪ ਖੁਸ਼ੀ ਖੁਸ਼ੀ ਤੋਰਦੇ ਹਨ। ਗੁਰੂ ਗੋਬਿੰਦ ਸਿੰਘ ਜੀ ਨੇ ਵੀ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਸ਼ਹੀਦੀ ਦੇਣ ਲਈ ਆਪਣੇ ਹੱਥੀ ਤਿਆਰ ਕਰਕੇ ਤੋਰਿਆ ਸੀ ਤੇ ਮਾਤਾ ਗੁਜਰ ਕੌਰ ਜੀ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦੀ ਦੇਣ ਲਈ ਮਾਨਸਕ ਤੌਰ ’ਤੇ ਤਿਆਰ ਕਰਕੇ ਆਪਣੇ ਹੱਥੀਂ ਤੋਰਿਆ ਸੀ। ਇਸ ਤੋਂ ਸੇਧ ਲੈਂਦੇ ਹੋਏ ਇਥੇ ਵੀ ਮਾਤਾਵਾਂ ਨੇ ਆਪਣੇ ਪੁੱਤਰਾਂ ਨੂੰ, ਭੈਣਾਂ ਨੇ ਆਪਣੇ ਭਰਾਵਾਂ ਨੂੰ ਅਤੇ ਪਤਨੀਆਂ ਨੇ ਆਪਣੇ ਪਤੀਆਂ ਨੂੰ ਖੁਦ ਸ਼ਹੀਦੀ ਗਾਨੇ ਬੰਨ੍ਹ ਕੇ ਤੋਰਿਆ। ਸਾਰੇ ਸਿੰਘ ਜੈਕਾਰੇ ਗਜਾਉਂਦੇ ਹੋਏ ਲਕੀਰ ਪਾਰ ਕਰਕੇ ਅੰਮ੍ਰਿਤਸਰ ਵੱਲ ਵਧਣ ਲੱਗੇ।

ਇੱਧਰ ਜਹਾਨ ਖਾਨ ਨੂੰ ਵੀ ਸੂਹੀਏ ਰਾਹੀਂ ਪਤਾ ਲੱਗ ਗਿਆ ਕਿ ਸਿੱਖ ਉਨ੍ਹਾਂ ਉਪਰ ਹਮਲਾ ਕਰਨ ਲਈ ਆ ਰਹੇ ਹਨ। ਇਹ ਖ਼ਬਰ ਸੁਣ ਕੇ ਜਹਾਨ ਖਾਨ ਨੇ ਆਪਣੇ ਸਹਾਇਕ ਅਤਾਈ ਖਾਨ ਨੂੰ ਸਿੱਖਾਂ ਉਤੇ ਹਮਲਾ ਕਰਨ ਦੇ ਆਦੇਸ਼ ਦਿੱਤੇ। ਜਹਾਨ ਖਾਨ ਆਪ ਘੋੜ ਸਵਾਰ ਫੌਜ ਨਾਲ ਲੈ ਕੇ ਅੰਮ੍ਰਿਤਸਰ ਸ਼ਹਿਰ ਤੋਂ ਬਾਹਰ ਗੋਹਲਵੜ ਦੇ ਸਥਾਨ 'ਤੇ ਪਹੁੰਚ ਗਿਆ, ਜਿੱਥੇ ਸਿੰਘਾਂ ਤੇ ਅਫ਼ਗਾਨਾਂ ਦੀ ਟੱਕਰ ਹੋਈ। ਅਫ਼ਗਾਨ, ਸਿੰਘਾਂ ਦਾ ਟਾਕਰਾ ਨਾ ਕਰ ਸਕੇ। ਸਿੰਘਾਂ ਦੇ ਅੱਗੇ ਲੱਗ ਕੇ ਮੈਦਾਨੋਂ ਭੱਜ ਨਿਕਲੇ। ਇਤਨੇ ਨੂੰ ਜਹਾਨ ਖਾਨ ਦਾ ਸਹਾਇਕ ਅਤਾਈ ਖਾਨ ਆਪਣੀ ਭਾਰੀ ਫੌਜ ਲੈ ਕੇ ਆ ਗਿਆ, ਜਿਸ ਨਾਲ ਮੈਦਾਨ-ਏ-ਜੰਗ ਦੀ ਰੂਪ-ਰੇਖਾ ਬਦਲ ਗਈ। ਇਸ ਘਮਸਾਨ ਦੀ ਜੰਗ ਅੰਦਰ ਸਿੱਖਾਂ ਦਾ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ। ਸਿੰਘ ਇਕ-ਇਕ ਕਰਕੇ ਸ਼ਹੀਦ ਹੋਣ ਲੱਗੇ। ਇਸ ਯੁੱਧ ਵਿਚ ਹੌਲੀ-ਹੌਲੀ ਸਿੰਘ ਅਫ਼ਗਾਨਾਂ ਨੂੰ ਧੱਕਦੇ-ਧੱਕਦੇ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਚਾਟੀਵਿੰਡ ਦਰਵਾਜੇ ਦੇ ਨੇੜੇ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਪੁੱਜ ਗਏ। ਬਾਬਾ ਦੀਪ ਸਿੰਘ ਜੀ 18 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਆਉਂਦੇ ਹੋਏ ਅੱਗੇ ਵਧਦੇ ਜਾ ਰਹੇ ਸਨ। ਉਹ ਸਖ਼ਤ ਜਖ਼ਮੀ ਹੋ ਗਏ ਸਨ। ਅਫ਼ਗਾਨ ਦੁਸ਼ਮਣ ਦਾ ਇਕ ਕਮਾਂਡਰ ਅਮਾਨ ਖਾਨ ਅੱਗੇ ਵਧਿਆ ਤੇ ਬਾਬਾ ਜੀ 'ਤੇ ਵਾਰ ਕਰਨ ਲੱਗਾ। ਅੱਗੋਂ ਬਾਬਾ ਜੀ ਨੇ ਵੀ ਵਾਰ ਕੀਤਾ। ਇਸ ਸਾਂਝੇ ਵਾਰ ਵਿਚ ਬਾਬਾ ਜੀ ਨੇ ਉਸ ਮੁਗ਼ਲ ਕਮਾਂਡਰ ਨੂੰ ਤਾਂ ਥਾਂ 'ਤੇ ਹੀ ਖ਼ਤਮ ਕਰ ਦਿੱਤਾ ਪਰ ਨਾਲ ਹੀ ਇਨ੍ਹਾਂ ਦੀ ਧੌਣ ਉਤੇ ਇਕ ਘਾਤਕ ਘਾਉ ਲੱਗਾ। ਬਾਬਾ ਜੀ ਆਪਣੇ ਪਵਿੱਤਰ ਸੀਸ ਨੂੰ ਹੱਥ ਦਾ ਸਹਾਰਾ ਦਿੰਦੇ ਹੋਏ ਲੜਦੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਤੱਕ ਜਾ ਪਹੁੰਚੇ। ਇਥੋਂ ਤੱਕ ਅੱਪੜਦਿਆਂ ਬਾਬਾ ਜੀ ਨੇ ਕਈ ਪਠਾਣ ਤੇ ਅਫ਼ਗਾਨ ਮਾਰ ਮੁਕਾਏ ਸਨ। ਇਸ ਤਰ੍ਹਾਂ ਇਸ ਘਮਸਾਨ ਦੀ ਜੰਗ ਅੰਦਰ ਅਫ਼ਗਾਨ ਜਰਨੈਲਾਂ ਦੇ ਮਾਰੇ ਜਾਣ ਨਾਲ ਅਫ਼ਗਾਨੀ ਫੌਜ ਦੇ ਹੌਂਸਲੇ ਟੁੱਟ ਗਏ ਤੇ ਬਾਬਾ ਦੀਪ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਪਹੁੰਚ ਕੇ ਸ਼ਹੀਦੀ ਪ੍ਰਾਪਤ ਕਰ ਗਏ। ਇਸ ਤਰ੍ਹਾਂ ਬਾਬਾ ਦੀਪ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀ ਸਿੰਘ ਸ਼ਬਦ ਤੋਂ ਸ਼ਹਾਦਤ ਅਤੇ ਬਾਣੀ ਤੋਂ ਕੁਰਬਾਨੀ ਤੱਕ ਪਹੁੰਚਣ ਦਾ ਪਾਠ ਪੜ੍ਹਾਉਂਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦਾ ਜ਼ਾਲਮਾਂ ਤੋਂ ਬਦਲਾ ਲੈਂਦੇ ਹੋਏ ਅਤੇ ਧਰਮ ਤੇ ਕੌਮ ਦੀ ਸ਼ਾਨ ਬਦਲੇ ਆਪਣੀਆਂ ਜਾਨਾਂ ਕੁਰਬਾਨ ਕਰ ਗਏ।

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਅਸਥਾਨ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਹੈ, ਜਿੱਥੇ ਅੱਜਕਲ੍ਹ 'ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ' ਸੁਸ਼ੋਭਿਤ ਹੈ। ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਜਿੱਥੇ ਬਾਬਾ ਜੀ ਨੇ ਸੀਸ ਭੇਟ ਕੀਤਾ ਸੀ, ਉਥੇ ਵੀ ਪਾਵਨ ਗੁਰਦੁਆਰਾ ਸਾਹਿਬ ਸੁਭਾਇਮਾਨ ਹੈ। ਬਾਬਾ ਦੀਪ ਸਿੰਘ ਜੀ ਦਾ ਉਹ ਦੋ-ਧਾਰਾ ਖੰਡਾ ਸ੍ਰੀ ਅਕਾਲ ਤਖਤ ਸਾਹਿਬ ਦੇ ਸ਼ਸਤਰਾਂ ਵਿਚ ਸੰਭਾਲ ਕੇ ਰੱਖਿਆ ਗਿਆ, ਜਿਸ ਦੇ ਹਰ ਰੋਜ਼ ਸ਼ਾਮ ਨੂੰ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਂਦੇ ਹਨ।

ਧਰਮ ਪ੍ਰਤੀ ਆਪਾ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਪੰਥ ਅੰਦਰ ਗੁਰੂ-ਘਰ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਦਿੱਤੀ ਗਈ ਇਕ ਮਹਾਨ ਸ਼ਹਾਦਤ ਹੈ, ਜਿਹੜੀ ਸਾਨੂੰ ਸਾਰਿਆਂ ਨੂੰ ਸਾਡੇ ਪਾਵਨ ਧਰਮ ਅਸਥਾਨਾਂ ਦੀ ਦਿੱਖ ਅਤੇ ਰਹਿਤ ਮਰਯਾਦਾ ਨੂੰ ਕਾਇਮ ਤੇ ਬਰਕਰਾਰ ਰੱਖਣ ਲਈ ਉਦੋਂ ਤੋਂ ਹੁਣ ਤਕ ਪ੍ਰੇਰਨਾ ਕਰਦੀ ਆ ਰਹੀ ਹੈ ਅਤੇ ਕਰਦੀ ਹੀ ਰਹੇਗੀ। ਗਿਆਨੀ ਹਰਿੰਦਰ ਸਿੰਘ ਅਲਵਰ ਨੇ ਕਿਹਾ ਕਿ ਅਸੀਂ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਨ ਅਤੇ ਸ਼ਹੀਦੀ ਦਿਨ ਮਨਾਉਂਦੇ ਹੋਏ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਕੇਵਲ ਗੱਲ ਕੀ ਕਰਦੇ ਹਾਂ ਪਰ ਅਮਲ ਨਹੀਂ ਕਰਦੇ। ਉਨ੍ਹਾਂ ਕਿਹਾ ਜੇ ਜਨਮ ਦਿਨ ਮਨਾਉਂਦੇ ਸਮੇਂ ਸਿੱਖੀ ਤੋਂ ਪਤਿਤ ਹੋਇਆ ਨੌਜਵਾਨ ਇਹ ਪ੍ਰਣ ਕਰੇ ਕਿ ਉਹ ਅੱਗੇ ਤੋਂ ਕੇਸ ਦਾਹੜੀ ਨਹੀਂ ਕਟਵਾਏਗਾ। ਜਿਹੜਾ ਸਿੱਖ ਗੁਰਬਾਣੀ ਨਹੀਂ ਪੜ੍ਹਦਾ ਉਹ ਗੁਰਬਾਣੀ ਪੜ੍ਹਨ ਦਾ ਅਤੇ ਜਿਸ ਨੇ ਖੰਡੇਬਾਟੇ ਦੀ ਪਾਹੁਲ ਨਹੀਂ ਲਈ ਉਹ ਖੰਡੇਬਾਟੇ ਦੀ ਪਹੁਲ ਛਕਣ ਦਾ ਪ੍ਰਣ ਕਰਦਾ ਹੈ ਤਾਂ ਸਾਡੇ ਵਲੋਂ ਜਨਮ ਦਿਨ ਮਨਾਏ ਸਫਲ ਹਨ। ਉਨ੍ਹਾਂ ਕਿਹਾ ਘਟ ਤੋਂ ਘੱਟ ਬਾਬਾ ਦੀਪ ਸਿੰਘ ਦੇ ਪਿੰਡ ਪਹੂਵਿੰਡ ਅਤੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਕੋਈ ਨੌਜਵਾਨ ਤਾਂ ਇਹ ਪ੍ਰਣ ਕਰੇ ਹੀ। ਉਨ੍ਹਾਂ ਕਿਹਾ ਕਹਿਣ ਲਈ ਤਾਂ ਅੰਮ੍ਰਿਤਸਰ ਤੋਂ ਵੋਟਾਂ ਮੰਗਣ ਵਾਲਾ ਜੋ ਕਿ ਕੇਸ ਦਾਹੜੀ ਵੀ ਕਟਦਾ ਹੈ, ਕਪੜੇ ਉਤਾਰ ਕੇ ਅਤੇ ਜਨੇਊ ਪਹਿਨ ਕੇ ਹਵਨ ਵੀ ਕਰ ਲੈਂਦਾ ਹੈ, ਉਹ ਵੀ ਅੱਜ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੀਆਂ ਸਿੱਖ ਸੰਗਤਾਂ ਨੂੰ ਵਧਾਈਆਂ ਦੇਵੇਗਾ ਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਗੱਲ ਕਰੇਗਾ ਪਰ ਇਸ ਦਾ ਉਸ ਸਮੇਂ ਤੱਕ ਕੋਈ ਅਰਥ ਨਹੀ ਹੋਵੇਗਾ ਜਦ ਤੱਕ ਕਿ ਉਹ ਖ਼ੁਦ ਪ੍ਰੇਰਣਾ ਲੈ ਕੇ ਕੇਸਾਂ ਤੇ ਸਿੱਖ ਸਿਧਾਂਤਾਂ ਦਾ ਕਤਲ ਕਰਨ ਤੋਂ ਨਹੀਂ ਰੁਕਦਾ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top