Share on Facebook

Main News Page

ਪੰਜ ਜਥੇਦਾਰਾਂ ਵਲੋਂ ਦਿੱਤੇ ਆਦੇਸ਼ ਨਿਰਾਰਥਕ: ਮਨਜੀਤ ਸਿੰਘ ਕਲਕੱਤਾ

ਬਠਿੰਡਾ /ਅੰਮ੍ਰਿਤਸਰ, 24 ਮਾਰਚ (ਕਿਰਪਾਲ ਸਿੰਘ): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਵਾਏ ਜਾਣ ਲਈ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਪੰਜਾਬ, ਪ੍ਰਧਾਨ ਅਕਾਲੀ ਦਲ ਬਾਦਲ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਆਦੇਸ਼ਾਂ ਨੂੰ ਨਿਰਾਰਥਕ ਕਰਾਰ ਦਿੰਦਿਆਂ ਸ਼ੋਮਣੀ ਪੰਥਕ ਕੌਂਸਲ ਦੇ ਚੇਅਰਮੈਨ ਸ੍ਰ. ਮਨਜੀਤ ਸਿੰਘ ਕਲਕੱਤਾ ਨੇ ਕਿਹਾ ਹੈ ਕਿ ਅਜਿਹੇ ਆਦੇਸ਼ ਨਾਲ ਭਾਈ ਰਾਜੋਆਣਾ ਦੀ ਫਾਂਸੀ ਰੱਦ ਕਰਾਏ ਜਾਣ ਦੀ ਮਨਸ਼ਾ ਪੂਰੀ ਨਹੀਂ ਹੋਵੇਗੀ।

ਸ੍ਰ. ਕਲਕੱਤਾ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਵਿੱਚ ਕੋਈ ਵੀ ਅਜਿਹਾ ਵਿਧੀ ਵਿਧਾਨ ਨਹੀਂ ਹੈ ਜਿਸ ਤਹਿਤ ਕਿਸੇ ਸੂਬੇ ਦਾ ਮੁੱਖ ਮੰਤਰੀ ਸਿੱਧੇ ਤੌਰ ਤੇ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲ ਕੇ ਕਿਸੇ ਵਿਅਕਤੀ ਦੀ ਫਾਂਸੀ ਦੀ ਸਜਾ ਮੁਆਫ ਕਰਾ ਸਕੇ। ਸ੍ਰ: ਕਲਕੱਤਾ ਨੇ ਦੱਸਿਆ ਕਿ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਕਿਸੇ ਵਿਅਕਤੀ ਨੂੰ ਫਾਂਸੀ ਦਾ ਹੁਕਮ ਸੁਣਾਏ ਜਾਣ ਉਪਰੰਤ ਦੇਸ਼ ਦੇ ਰਾਸ਼ਟਰਪਤੀ ਪਾਸ ਸਜਾ ਮੁਆਫੀ ਦਾ ਵਿਧਾਨ ਹੈ, ਲੇਕਿਨ ਇਸ ਵਾਸਤੇ ਵੀ ਰਾਸ਼ਟਰਪਤੀ ਪਾਸ ਰਹਿਮ ਦੀ ਅਪੀਲ ਕਰਨੀ ਪੈਂਦੀ ਹੈ। ਸ੍ਰ: ਕਲਕੱਤਾ ਨੇ ਦੱਸਿਆ ਕਿ ਰਹਿਮ ਦੀ ਅਪੀਲ ਰਾਸ਼ਟਰਪਤੀ ਪਾਸ ਪੁੱਜਣ ਤੇ ਗ੍ਰਹਿ ਮੰਤਰਾਲੇ ਦੀ ਰਿਪੋਰਟ ਰਾਸ਼ਟਰਪਤੀ ਪਾਸ ਪੁੱਜਦੀ ਹੈ ਤਾਂ ਜਾ ਕੇ ਰਾਸ਼ਟਰਪਤੀ ਸਜਾ ਮੁਆਫ ਕਰਨ ਜਾਂ ਰੱਦ ਕਰਨ ਦਾ ਫੈਸਲਾ ਲੈਂਦਾ ਹੈ। ਸ੍ਰ: ਕਲਕੱਤਾ ਨੇ ਦੱਸਿਆ ਕਿ ਸਵ: ਪ੍ਰਧਾਨ ਮੰਤਰੀ ਰਜੀਵ ਗਾਂਧੀ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਫਾਂਸੀ ਦੀ ਸਜਾ ਮੁਆਫ ਕਰਵਾਉਣ ਲਈ ਤਾਮਿਲਨਾਡੂ ਦੀ ਵਿਧਾਨ ਸਭਾ ਨੇ ਮਤਾ ਪਾਸ ਕੀਤਾ, ਜਦਕਿ ਅਫਜ਼ਲ ਗੁਰੂ ਦੀ ਫਾਂਸੀ ਦੀ ਸਜਾ ਮੁਆਫ ਕਰਵਾਉਣ ਲਈ ਜੰਮੂ -ਕਸ਼ਮੀਰ ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਭਾਰਤ ਸਰਕਾਰ ਸਿੱਖਾਂ ਨੂੰ ਸਮਝਾ ਰਹੀ ਹੈ ਕਿ ਬੀਤੇ ਦੀਆਂ ਗੱਲਾਂ ਨੂੰ ਭੁੱਲ ਕੇ ਨਵੀਂ ਸ਼ੁਰੂਆਤ ਕੀਤੀ ਜਾਏ ਲੇਕਿਨ ਦੂਸਰੇ ਪਾਸੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਵੱਲ ਧੱਕ ਰਹੀ ਹੈ।

ਸ੍ਰ. ਕਲਕੱਤਾ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਸ਼ਮੂਲੀਅਤ ਕਬੂਲ ਕਰ ਲਈ ਹੈ। ਲੇਕਿਨ ਮੁੱਖ ਮੰਤਰੀ ਦੇ ਕਤਲ ਤੋਂ ਪਹਿਲੀਆਂ ਘਟਨਾਵਾਂ ਜਿਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਤੇ ਫੋਜੀ ਹਮਲਾ, ਨਵੰਬਰ 84 ਦਾ ਸਿੱਖ ਕਤਲੇਆਮ, ਪੰਜਾਬ ਵਿੱਚ ਸਿੱਖ ਨੌਜੁਆਨਾ ਦੇ ਝੂਠੇ ਪੁਲਿਸ ਮੁਕਾਬਲੇ ਸ਼ਾਮਿਲ ਹਨ ਨੂੰ ਭੁੱਲਣਾ ਨਹੀਂ ਚਾਹੀਦਾ। ਸ੍ਰ: ਮਨਜੀਤ ਸਿੰਘ ਕਲਕੱਤਾ ਨੇ ਮੰਗ ਕੀਤੀ ਕਿ ਜੇਕਰ ਪੰਜ ਸਿੰਘ ਸਾਹਿਬਾਨ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਰੱਦ ਕਰਵਾਏ ਜਾਣ ਲਈ ਪੂਰੀ ਤਰ੍ਹਾਂ ਸੁਹਿਰਦ ਹਨ ਤਾਂ ਮੁੱਖ ਮੰਤਰੀ ਪੰਜਾਬ ਨੂੰ ਸਪੱਸ਼ਟ ਆਦੇਸ਼ ਕਰਨ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਫਾਂਸੀ ਦੀ ਸਜਾ ਮੁਆਫ ਕੀਤੇ ਜਾਣ ਬਾਰੇ ਮਤਾ ਪਾਸ ਕਰਨ ਅਤੇ ਫਿਰ ਇਸ ਮਤੇ ਨੂੰ ਗ੍ਰਹਿ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦੇ ਧਿਆਨ ਹਿੱਤ ਲਿਆ ਕੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜਾ ਰੱਦ ਕੀਤੇ ਜਾਣ ਲਈ ਯਤਨਸ਼ੀਲ ਹੋਣ। ਭਾਈ ਰਾਜੋਆਣਾ ਦੀ ਫਾਂਸੀ ਦੀ ਸਜਾ ਮੁਆਫ ਕਰਵਾਉਣ ਲਈ ਗਠਿਤ 9 ਮੈਂਬਰੀ ਕਮੇਟੀ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ੍ਰ: ਕਲਕੱਤਾ ਨੇ ਵਿਸ਼ਵ ਭਰ ਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਕੇਸਰੀ ਦਸਤਾਰਾਂ ਅਤੇ ਦੁਪੱਟੇ ਧਾਰਨ ਕਰਕੇ ਉਸ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top