Share on Facebook

Main News Page

ਸੁਰਜੀਤ ਸਿੰਘ ਬਰਨਾਲਾ ਹੋਏ ਕਾਂਗਰਸੀ- ‘ਅਕਾਲੀ ਦਲ ਲੋਂਗੋਵਾਲ’ ਦਾ ਕਾਂਗਰਸ ਨਾਲ ਸਮਝੌਤਾ

ਚੰਡੀਗੜ੍ਹ: ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਕੇ 1985 ਤੋਂ ਲੈ ਕੇ 1987 ਤੱਕ ਪੰਜਾਬ ਦੇ ਮੁੱਖ ਮੰਤਰੀ ਅਤੇ 1998 ‘ਚ ਅਕਾਲੀ ਦਲ ਦੀ ਟਿਕਟ ‘ਤੇ ਹੀ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣ ਕੇ ਕੇਂਦਰ ਸਰਕਾਰ ‘ਚ ਮੰਤਰੀ ਰਹੇ ਸੁਰਜੀਤ ਸਿੰਘ ਬਰਨਾਲਾ ਸ਼ਨੀਵਾਰ ਨੂੰ ਕਾਂਗਰਸੀ ਹੋ ਗਏ।

ਬਰਨਾਲਾ ਦੀ ਪਤਨੀ ਸੁਰਜੀਤ ਕੌਰ ਬਰਨਾਲਾ ਸ਼੍ਰੋਮਣੀ ਅਕਾਲੀ ਦਲ ਲੋਂਗੋਵਾਲ ਦੀ ਪ੍ਰਧਾਨ ਹੈ ਅਤੇ ਇਨ੍ਹਾਂ ਦੋਹਾਂ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲੋਂਗੋਵਾਲ ਦਾ ਹੁਣ ਕਾਂਗਰਸ ‘ਚ ਰਲੇਵਾਂ ਹੋ ਗਿਆ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਸੁਰਜੀਤ ਸਿੰਘ ਬਰਨਾਲਾ ਅਤੇ ਉਨ੍ਹਾਂ ਦੀ ਪਤਨੀ ਸੁਰਜੀਤ ਕੌਰ ਬਰਨਾਲਾ ਦਾ ਪਾਰਟੀ ‘ਚ ਆਉਣ ‘ਤੇ ਸੁਆਗਤ ਕੀਤਾ। ਇਸ ਦੌਰਾਨ ਬਾਜਵਾ ਨੇ ਕਿਹਾ ਕਿ ਕੇਂਦਰ ‘ਚ ਕੱਟੜਪੰਥੀ ਤਾਕਤਾਂ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਲੋਂਗੋਵਾਲ ਬਿਨਾਂ ਸ਼ਰਤ ਕਾਂਗਰਸ ਨੂੰ ਸਮਰਥਨ ਦੇਣ ਜਾ ਰਿਹਾ ਹੈ।

ਇਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਪੰਜਾਬ ‘ਚ ਅਕਾਲੀ ਦਲ ਦੇ ਰਾਜ ‘ਚ ਨਸ਼ੇ ਫੈਲ ਰਹੇ ਹਨ ਅਤੇ ਸੂਬੇ ਦਾ ਨੌਜਵਾਨ ਬੇਰੋਜ਼ਗਾਰੀ ਕਾਰਨ ਪਰੇਸ਼ਾਨ ਹੈ। ਲਿਹਾਜਾ ਕਾਂਗਰਸ ਹੀ ਇਨ੍ਹਾਂ ਹਾਲਾਤਾਂ ‘ਚ ਪੰਜਾਬ ਲਈ ਮਦਦਗਾਰ ਸਿੱਧ ਹੋ ਸਕਦੀ ਹੈ। ਚੋਣਾਂ ਦਾ ਮੌਸਮ ਆਉਂਦਿਆਂ ਹੀ ਵੱਖ-ਵੱਖ ਆਗੂਆਂ ਵਲੋਂ ਪਾਲੇ ਬਦਲਣ ਦਾ ਕੰਮ ਚੱਲਦਾ ਰਹਿੰਦਾ ਹੈ। ਸ਼ਨੀਵਾਰ ਨੂੰ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਸੁਰਜੀਤ ਸਿੰਘ ਬਰਨਾਲ ਤਾਂ ਅਕਾਲੀ ਦਲ ਬਾਦਲ ਖਿਲਾਫ ਜ਼ਿਆਦਾ ਨਹੀਂ ਬੋਲੇ ਪਰ ਉਨ੍ਹਾਂ ਦੀ ਪਾਰਟੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਖਿਲਾਫ ਜੰਮ ਕੇ ਭੜਾਸ ਕੱਢੀ। ਸੁਰਜੀਤ ਸਿੰਘ ਬਰਨਾਲਾ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਲੋਕ ਸਭਾ ਚੋਣਾਂ ‘ਚ ਕਾਂਗਰਸ ਨੂੰ ਕਿੰਨਾ ਫਾਇਦਾ ਹੁੰਦਾ ਹੈ, ਇਹ ਤਾਂ ਫਿਲਹਾਲ ਸਮਾਂ ਹੀ ਤੈਅ ਕਰੇਗਾ, ਪਰ ਇਕ ਗੱਲ ਸਾਫ ਹੋ ਗਈ ਹੈ ਕਿ ਅਕਾਲੀ ਦਲ ਵਲੋਂ ਵਿਸਾਰੇ ਗਏ ਬਹੁਤੇ ਆਗੂਆਂ ਲਈ ਕਾਂਗਰਸ ਹੀ ਹੁਣ ਆਖਰੀ ਸਹਾਰਾ ਬਣਦੀ ਜਾ ਰਹੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ-ਸੰਤ-ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top