Share on Facebook

Main News Page

ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥

ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ॥੧॥ ਰਹਾਉ॥

ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥

ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥

ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨ੍ਹ੍ਹ ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥ {ਪੰਨਾ 492-493}

ਪਦਅਰਥ:- ਗੋਵਿੰਦੁ-ਪ੍ਰਿਥਵੀ ਦਾ ਰਾਖਾ । ਮਨਿ-ਮਨ ਵਿਚ । ਮਿਲਿ-ਮਿਲ ਕੇ । ਸਬਦਿ-ਸ਼ਬਦ ਵਿਚ । ਮੋਹੈ-ਮੋਹ ਰਿਹਾ ਹੈ । ਦੇਇ-ਦੇਂਦਾ ਹੈ । ਓਹੈ-ਉਹੀ ।1।

ਗਾਵਾ-ਗਾਵਾਂ, ਮੈਂ ਗਾਂਦਾ ਹਾਂ । ਸੋਹੈ-ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।1।ਰਹਾਉ।

ਸਾਗਰ-ਸਮੁੰਦਰ । ਕਉਲਾ-ਲੱਛਮੀ । ਰਿਧਿ ਸਿਧਿ-ਕਰਾਮਾਤੀ ਤਾਕਤਾਂ । ਲਾਗੈ-ਲੱਗਦੀ ਹੈ । ਪਗਿ ਓਹੈ-ਉਸ ਦੇ ਪੈਰ ਵਿਚ । ਆਧਾਰਾ-ਆਸਰਾ । ਨਾਮੇ-ਨਾਮਿ, ਨਾਮ ਵਿਚ (ਜੁੜ ਕੇ) ।2।

ਦੁਰਮਤਿ-ਭੈੜੀ ਮਤਿ ਵਾਲੇ । ਰੋਹੈ-ਰੋਹ, ਕ੍ਰੋਧ । ਕਾਗ-ਕਾਂ । ਤ੍ਰਿਪਤੈ-ਰੱਜਦਾ ਹੈ । ਖਾਇ-ਖਾ ਕੇ । ਮੁਖਿ-ਮੂੰਹ ਵਿਚ ।3।

ਅੰਮ੍ਰਿਤਸਰੁ-ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ । ਸਤਿਵਾਦੀ-ਸਦਾ-ਥਿਰ ਹਰੀ ਦਾ ਨਾਮ ਉਚਾਰਨ ਵਾਲਾ । ਜਿਤੁ-ਜਿਸ ਵਿਚ । ਨਾਤੈ-ਇਸ਼ਨਾਨ ਕੀਤਿਆਂ । ਹੋਹੈ-ਹੋ ਜਾਂਦਾ ਹੈ । ਧੋਹੈ-ਧੋਂਦਾ ਹੈ ।4।

ਅਰਥ:- ਹੇ ਮੇਰੇ ਭਰਾਵੋ! ਮੈਨੂੰ ਪ੍ਰਿਥਵੀ ਦਾ ਪਾਲਕ-ਪ੍ਰਭੂ ਮਿਲ ਪਿਆ ਹੈ, ਗੋਵਿੰਦ ਮੇਰੇ ਮਨ ਨੂੰ ਖਿੱਚ ਪਾ ਰਿਹਾ ਹੈ । ਮੈਂ ਹੁਣ ਹਰ ਵੇਲੇ ਗੋਵਿੰਦ ਦੇ ਗੁਣ ਗਾ ਰਿਹਾ ਹਾਂ । (ਹੇ ਭਾਈ!) ਗੁਰੂ ਨੂੰ ਮਿਲ ਕੇ ਸਾਧ ਸੰਗਤਿ ਵਿਚ ਮਿਲ ਕੇ (ਤੇ, ਗੋਵਿੰਦ ਦੇ ਗੁਣ ਗਾ ਕੇ) ਮਨੁੱਖ ਸੋਹਣੇ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ ।1।ਰਹਾਉ।

ਹੇ ਮੇਰੇ ਭਰਾਵੋ! ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੇ ਸ਼ਬਦ ਵਿਚ ਜੁੜਨ ਕਰ ਕੇ ਪ੍ਰੀਤਮ ਗੋਵਿੰਦ (ਮੇਰੇ) ਮਨ ਵਿਚ (ਆ ਵੱਸਿਆ ਹੈ, ਤੇ, ਮੇਰੇ) ਮਨ ਨੂੰ ਖਿੱਚ ਪਾ ਰਿਹਾ ਹੈ । ਹੇ ਭਾਈ! ਗੋਵਿੰਦ ਦਾ ਭਜਨ ਕਰੋ, ਹੇ ਭਾਈ! ਗੋਵਿੰਦ ਦਾ ਧਿਆਨ ਧਰਨਾ ਚਾਹੀਦਾ ਹੈ । ਉਹੀ ਗੋਵਿੰਦ ਸਭ ਜੀਵਾਂ ਨੂੰ ਦਾਤਾਂ ਦੇਂਦਾ ਹੈ ।1।

ਹੇ ਭਰਾਵੋ! ਜਿਸ ਮਨੁੱਖ ਨੂੰ ਗੁਰੂ ਦੀ ਮਤਿ ਦੀ ਬਰਕਤਿ ਨਾਲ ਸੁਖਾਂ ਦੇ ਸਮੁੰਦਰ ਪਰਮਾਤਮਾ ਦੀ ਭਗਤੀ ਪ੍ਰਾਪਤ ਹੋ ਜਾਂਦੀ ਹੈ, ਲੱਛਮੀ ਉਸ ਦੇ ਚਰਨੀਂ ਆ ਲੱਗਦੀ ਹੈ, ਹਰੇਕ ਰਿਧੀ ਹਰੇਕ ਸਿਧੀ ਉਸ ਦੇ ਪੈਰੀਂ ਆ ਪੈਂਦੀ ਹੈ । ਹੇ ਭਾਈ! ਹਰੀ ਦੇ ਭਗਤ ਨੂੰ ਹਰੀ ਦੇ ਨਾਮ ਦਾ ਸਹਾਰਾ ਬਣਿਆ ਰਹਿੰਦਾ ਹੈ । ਪਰਮਾਤਮਾ ਦਾ ਨਾਮ ਜਪਦਿਆਂ, ਪਰਮਾਤਮਾ ਦੇ ਨਾਮ ਵਿਚ ਜੁੜ ਕੇ ਉਸ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ ।2।

ਹੇ ਭਰਾਵੋ! ਭੈੜੀ ਮਤਿ ਤੇ ਤੁਰਨ ਵਾਲੇ ਬਦ-ਕਿਸਮਤਿ ਹੁੰਦੇ ਹਨ, ਉਹਨਾਂ ਦੀ ਆਪਣੀ ਅਕਲ ਭੀ ਹੌਲੀ ਹੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਸੁਣਦਿਆਂ ਉਹਨਾਂ ਦੇ ਮਨ ਵਿਚ (ਸਗੋਂ) ਕ੍ਰੋਧ ਆਉਂਦਾ ਹੈ । ਕਾਂ ਅੱਗੇ ਕੋਈ ਸੁਆਦਲਾ ਭੋਜਨ ਰੱਖੀਏ (ਤਾਂ ਉਸ ਨੂੰ ਖਾਣ ਦੇ ਥਾਂ) ਉਹ ਵਿਸ਼ਟਾ ਖਾ ਕੇ, ਵਿਸ਼ਟਾ ਮੂੰਹ ਵਿਚ ਪਾ ਕੇ ਖ਼ੁਸ਼ ਹੁੰਦਾ ਹੈ ।3।

ਹੇ ਭਰਾਵੋ! ਸਦਾ-ਥਿਰ ਹਰੀ ਦਾ ਨਾਮ ਜਪਣ ਵਾਲਾ ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਹੈ, ਉਸ ਗੁਰੂ-ਸਰੋਵਰ ਵਿਚ ਨ੍ਹਾਤਿਆਂ (ਆਤਮਕ ਚੁੱਭੀ ਲਾਇਆਂ) ਕਾਂ ਭੀ (ਸਦਾ ਵਿਕਾਰਾਂ ਦੇ ਗੰਦ ਵਿਚ ਖ਼ੁਸ਼-ਰਹਿਣਾ ਮਨੁੱਖ ਭੀ) ਹੰਸ ਬਣ ਜਾਂਦਾ ਹੈ (ਹਰਿ-ਨਾਮ-ਜੋਤੀ ਦਾ ਪ੍ਰੇਮੀ ਬਣ ਜਾਂਦਾ ਹੈ) । ਹੇ ਨਾਨਕ! ਉਹ ਮਨੁੱਖ ਧੰਨ ਹਨ ਵੱਡੇ ਭਾਗਾਂ ਵਾਲੇ ਹਨ, ਗੁਰਮਤਿ ਰਾਹੀਂ ਮਿਲਿਆ ਹਰਿ-ਨਾਮ ਜਿਨ੍ਹਾਂ ਦੇ ਹਿਰਦੇ ਦੀ ਮੈਲ ਧੋਂਦਾ ਹੈ ।4।2।


ਨੋਟ: ਇਹ ਗੁਰਬਾਣੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ ਜੇ ਗੁਰਬਾਣੀ ਦੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top